ਚੰਡੀਗੜ੍ਹ,31 ਅਕਤੂਬਰ,ਦੇਸ਼ ਕਲਿਕ ਬਿਊਰੋ:
ਪੰਜਾਬ ਸਰਕਾਰ ਨੇ ਸੂਬੇ ਦੇ IAS, IPS ਅਤੇ IFSC ਅਧਿਕਾਰੀਆਂ ਨੂੰ ਵਧਿਆ ਹੋਇਆ ਮਹਿੰਗਾਈ ਭੱਤਾ ਜੁਲਾਈ 2022 ਤੋਂ ਜਾਰੀ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਜੁਲਾਈ ਤੋਂ 38 ਫੀਸਦੀ ਮਹਿੰਗਾਈ ਭੱਤਾ ਮਿਲੇਗਾ, ਜਦਕਿ ਸਰਕਾਰ ਨੇ ਜੁਲਾਈ 2021 ਤੋਂ ਮਹਿੰਗਾਈ ਭੱਤੇ ਦਾ ਬਕਾਇਆ ਦੇਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਬਕਾਇਆ ਰਾਸ਼ੀ ਵੀ ਇਸ ਮਹੀਨੇ ਅਧਿਕਾਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ। ਪਹਿਲਾਂ ਅਫਸਰਾਂ ਨੂੰ 34 ਫੀਸਦੀ ਮਹਿੰਗਾਈ ਭੱਤਾ ਮਿਲਦਾ ਸੀ। ਵਿੱਤ ਵਿਭਾਗ ਨੇ ਇਸ ਸਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਵਧੀ ਹੋਈ ਮਿਲੇਗੀ।ਪੰਜਾਬ ਸਰਕਾਰ ਨੇ ਜਿੱਥੇ ਆਈ.ਏ.ਐੱਸ. ਅਤੇ ਆਈ.ਪੀ.ਐੱਸ.ਅਧਿਕਾਰੀਆਂ ਨੂੰ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰ ਦਿੱਤੇ ਹਨ, ਉੱਥੇ ਹੀ ਸਰਕਾਰ ਨੇ ਦੀਵਾਲੀ ਮੌਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਦੇ ਬਕਾਏ ਬਾਰੇ ਬਾਅਦ ਵਿੱਚ ਫੈਸਲਾ ਲੈਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੇ ਬਕਾਏ ਦੀ ਅਜੇ ਉਡੀਕ ਕਰਨੀ ਪਵੇਗੀ।