ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ:
ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (EWS) ਲਈ 10% ਰਾਖਵੇਂਕਰਨ ਦੀ ਵੈਧਤਾ 'ਤੇ ਸੁਪਰੀਮ ਕੋਰਟ ਸੋਮਵਾਰ ਯਾਨੀ ਅੱਜ 7 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ ਇਸ ਮਾਮਲੇ ਦੀ 7 ਦਿਨਾਂ ਤੱਕ ਸੁਣਵਾਈ ਕੀਤੀ। ਸੁਪਰੀਮ ਕੋਰਟ ਦੇ ਕਾਜ਼ਲਿਸਟ ਮੁਤਾਬਕ ਸੀਜੇਆਈ ਯੂਯੂ ਲਲਿਤ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਮਿਲ ਕੇ ਫੈਸਲਾ ਸੁਣਾਉਣਗੇ। ਇਸ ਦੇ ਨਾਲ ਹੀ ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਜੇਬੀ ਪਾਰਦੀਵਾਲਾ ਵੱਖ-ਵੱਖ ਫੈਸਲੇ ਦੇਣਗੇ।ਸਿੱਖਿਆ ਅਤੇ ਸਰਕਾਰੀ ਨੌਕਰੀਆਂ ਵਿੱਚ EWS ਰਾਖਵਾਂਕਰਨ 103ਵੀਂ ਸੰਵਿਧਾਨਕ ਸੋਧ ਦੇ ਤਹਿਤ ਜਨਵਰੀ 2019 ਵਿੱਚ ਲਾਗੂ ਹੋਇਆ ਸੀ। ਤਾਮਿਲਨਾਡੂ ਦੀ ਸੱਤਾਧਾਰੀ ਪਾਰਟੀ ਡੀਐਮਕੇ ਸਮੇਤ ਕਈ ਲੋਕਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ।