ਕਿਹਾ, 31 ਦਸਬੰਰ 2022 ਤੱਕ ਤਿਆਰ ਹੋ ਜਾਣਗੇ ਇਹ ਨਵੇਂ ਆਮ ਆਦਮੀ ਕਲੀਨਿਕ
ਡੀ.ਸੀ. ਵੱਲੋਂ ਐਸ.ਡੀ.ਐਮ. ਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕਰਕੇ ਲੋੜੀਂਦੇ ਸਾਜੋ ਸਮਾਨ ਤੇ ਬੁਨਿਆਂਦੀ ਢਾਂਚੇ ਸਬੰਧੀ ਰਿਪੋਰਟ 3 ਦਿਨਾਂ ਵਿੱਚ ਪੇਸ਼ ਕਰਨ ਦੀ ਹਦਾਇਤ
ਐਸ.ਏ.ਐਸ. ਨਗਰ, 22 ਨਵੰਬਰ, ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਛੇਤੀ ਹੀ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਨਵੇਂ ਕਲੀਨਿਕਾਨੰਕ ਸਥਾਪਿਤ ਕੀਤੇ ਜਾਣ ਸਬੰਧੀ ਮੁੱਢਲੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. , ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੁਰਾਣੇ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਖੋਲੇ ਜਾਣਗੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਨਾਲ ਸਬੰਧਤ ਐਕਸੀਅਨ ਅਤੇ ਐਸ.ਡੀ.ਓਜ਼ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਉਨ੍ਹਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣ ਲਈ ਲੋੜੀਂਦਾ ਫਰਨੀਚਰ, ਹੋਰ ਮੈਡੀਕਲ ਸਾਜੋ ਸਮਾਨ, ਬਿਲਡਿੰਗ ਦੀ ਰਿਪੇਅਰ ਸਬੰਧੀ ਇੱਕ ਵਿਸਥਾਰਕ ਰਿਪੋਰਟ ਤਿਆਰ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਪੇਸ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਛੇਤੀ ਹੀ ਕੰਮ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 31 ਦਸੰਬਰ 2022 ਤੱਕ ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਨੂੰ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜਿਨ੍ਹਾਂ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 22 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ ਉਨ੍ਹਾਂ ਵਿੱਚ ਬੂਥਗੜ੍ਹ, ਪਲਹੇੜੀ, ਖਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਲਾਂਡਰਾ, ਬਿਸੌਲੀ , ਮਜਾਤ, ਚੰਦੋ, ਮੁੱਲਾਪੁਰ, ਪਾਪੜੀ, ਸਹੌੜਾ, ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼ -11, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਾਲੋਨੀ ਜੀਰਕਪੁਰ ਅਤੇ ਨਵਾਂ ਗਾਓ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿੰਮਾਂਸੂ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰਿਸ ਡੋਗਰਾ, ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।