ਸਿੱਖਿਆ ਮੰਤਰੀ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ 29 ਨਵੰਬਰ ਦੀ ਥਾਂ ਹੁਣ 14 ਦਸੰਬਰ ਨੂੰ ਹੋਵੇਗੀ ਮੀਟਿੰਗ
ਦਲਜੀਤ ਕੌਰ
ਸੰਗਰੂਰ, 23 ਨਵੰਬਰ, 2022: ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਲਗਾਤਾਰ ਈਟੀਟੀ 2364 ਅਧਿਆਪਕਾ ਦੀ ਭਰਤੀ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ। ਪਿਛਲੇ ਦਿਨੀਂ ਸੰਗਰੂਰ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਆਉਣ ਵਾਲੀ 29 ਨਵੰਬਰ 2022 ਨੂੰ ਮੀਟਿੰਗ ਦਾ ਪੱਤਰ ਜਾਰੀ ਕੀਤਾ ਗਿਆ ਸੀ ਪਰ ਹੁਣ ਸੰਗਰੂਰ ਪ੍ਰਸ਼ਾਸਨ ਵੱਲੋਂ ਇਸ ਮੀਟਿੰਗ ਨੂੰ ਸਿੱਖਿਆ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਮੀਟਿੰਗ ਨੂੰ 14 ਦਸੰਬਰ 2022 ਨੂੰ ਕਰ ਦਿੱਤਾ ਗਿਆ ਹੈ। ਜਿਸ ਨਾਲ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਹਿਮਤ ਨਹੀਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਤੋਂ ਪਾਸਾ ਵੱਟ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਸਾਡੇ ਨਾਲ਼ ਕੋਈ ਵੀ ਯੂਨੀਅਨ ਕਿਸੇ ਵੀ ਸਮੇਂ ਆ ਕੇ ਉਹਨਾਂ ਨਾਲ ਗੱਲਬਾਤ ਕਰ ਸਕਦੀ ਹੈ ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁੱਲ ਉੱਲਟ ਹਨ। ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮਯਾਬ ਨਜ਼ਰ ਆ ਰਹੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰੁਝੇਵੇਂ ਇਹ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਸਾਰੀ ਮੰਤਰੀ ਮੰਡਲ ਗੁਜਾਰਤ ਅਤੇ ਹਿਮਾਚਲ ਪ੍ਰਦੇਸ਼ ਦੇ ਵਿਚ ਆਪਣੇ ਚੋਣ ਪ੍ਰਚਾਰ ਲਈ ਗਏ ਹੋਏ ਹਨ। ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੋਈ ਵੀ ਮੰਤਰੀ ਨਜ਼ਰ ਨਹੀਂ ਆ ਰਿਹਾ।ਜੇਕਰ ਇਹਨਾਂ ਦਾ ਇਹ ਹੀ ਹਾਲ ਰਿਹਾ ਤਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੀ ਬਾਕੀਆ ਸਰਕਾਰਾਂ ਵਾਂਗ ਸੱਤਾ ਤੋਂ ਲਾਂਭੇ ਕਰਨ ਲਈ ਵੀ ਜ਼ਿਆਦਾ ਸਮਾਂ ਨਹੀਂ ਲਗਾਉਣਗੇ।