ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਸਬੰਧੀ ਹੁਣ ਤੱਕ ਹੋਈ ਪ੍ਰਗਤੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕਾਰਜ ਮੁਕੰਮਲ ਕਰਨ ਦੀ ਹਦਾਇਤ
ਦਲਜੀਤ ਕੌਰ
ਸੰਗਰੂਰ, 25 ਨਵੰਬਰ, 2022: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਸਬੰਧੀ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਜ਼ਿਲ੍ਹੇ ਦੇ ਜਿਹੜੇ 27 ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਣਾ ਹੈ, ਉਨ੍ਹਾਂ ਸਬੰਧੀ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ 26 ਜਨਵਰੀ 2023 ਤੋਂ ਇਨ੍ਹਾਂ ਅਪਗ੍ਰੇਡ ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਵਿਖੇ ਸਿਹਤ ਸੇਵਾਵਾਂ ਸ਼ੁਰੂ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਵੱਡੇ ਕਦਮ ਉਠਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਸ਼ਹਿਰੀ ਜਾਂ ਦਿਹਾਤੀ ਨਾਗਰਿਕ ਆਧੁਨਿਕ ਸਿਹਤ ਸੇਵਾਵਾਂ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਥਾਪਤ 100 ਆਮ ਆਦਮੀ ਕਲੀਨਿਕਾਂ ਨੂੰ ਲੋੜਵੰਦਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਜਿਸ ਦੇ ਚਲਦਿਆਂ ਹੁਣ ਸਰਕਾਰ ਵੱਲੋਂ ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਵੀ ਇਸੇ ਤਰਜ਼ ’ਤੇ ਅਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਅਮਿਤ ਗੁਪਤਾ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਡੀ.ਐਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਵੱਖ-ਵੱਖ ਸਬੰਧਤ ਵਿਭਾਗਾਂ ਦੇ ਐਕਸੀਅਨ ਵੀ ਹਾਜ਼ਰ ਸਨ।