ਸ਼੍ਰੀਨਗਰ,28 ਨਵੰਬਰ,ਦੇਸ਼ ਕਲਿਕ ਬਿਊਰੋ:
ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 24 ਘੰਟਿਆਂ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਹੈ। ਇਹ ਬੰਗਲਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੀ ਇਕ ਹਾਊਸਿੰਗ ਕਾਲੋਨੀ ਖਾਨਾਬਲ 'ਚ ਕੁਆਟਰ ਨੰਬਰ ਸੱਤ ਹੈ। ਡਿਪਟੀ ਕਮਿਸ਼ਨਰ ਅਨੰਤਨਾਗ ਦੁਆਰਾ ਭੇਜੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਤੁਹਾਨੂੰ 24 ਘੰਟਿਆਂ ਦੇ ਅੰਦਰ ਅਧਿਕਾਰਤ ਕੁਆਰਟਰ ਖਾਲੀ ਕਰਨ ਲਈ ਕਿਹਾ ਜਾਂਦਾ ਹੈ, ਅਜਿਹਾ ਨਾ ਕਰਨ 'ਤੇ ਤੁਹਾਡੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਵੀ ਉਨ੍ਹਾਂ ਨੂੰ ਬੰਗਲਾ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ।ਜ਼ਿਕਰਯੋਗ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਜੰਮੂ-ਕਸ਼ਮੀਰ 'ਚ ਜਿੰਨੀਆਂ ਮਰਜ਼ੀ ਫ਼ੌਜਾਂ ਤਾਇਨਾਤ ਕਰ ਦਿੱਤੀਆਂ ਜਾਣ, ਜਦੋਂ ਤੱਕ ਕਸ਼ਮੀਰ ਮੁੱਦਾ ਹੱਲ ਨਹੀਂ ਹੋ ਜਾਂਦਾ, ਸਰਕਾਰ ਨਤੀਜੇ ਨਹੀਂ ਦੇਖ ਸਕੇਗੀ।