ਨਵੀਂ ਦਿੱਲੀ,30 ਨਵੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਚਰਚਿਤ ਸ਼ਰਾਬ ਘੁਟਾਲੇ ਵਿੱਚ ਜਾਂਚ ਟੀਮ ਦੀ ਕਾਰਵਾਈ ਜਾਰੀ ਹੈ। ਹੁਣ ਈਡੀ ਨੇ ਇਸ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਅਮਿਤ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਬੱਡੀ ਰਿਟੇਲ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਇਕ ਵਿਅਕਤੀ ਨੇ ਬੁੱਧਵਾਰ ਨੂੰ ਦੱਸਿਆ ਕਿ ਅਮਿਤ ਅਰੋੜਾ ਨੂੰ ਇਸ ਚਰਚਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ 17 ਅਗਸਤ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਅਮਿਤ ਅਰੋੜਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੇ ਕੋਣ ਤੋਂ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-2022 ਨੂੰ ਲਾਗੂ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਕਰ ਰਿਹਾ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਅਮਿਤ ਅਰੋੜਾ ਦਿੱਲੀ ਵਿੱਚ ਸ਼ਰਾਬ ਦੇ ਕਾਰੋਬਾਰ ਦਾ ਅਹਿਮ ਹਿੱਸਾ ਹੈ। ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫਤਾਰ ਹੋਣ ਤੋਂ ਬਾਅਦ ਹੁਣ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।