ਨਵੀਂ ਦਿੱਲੀ,2 ਦਸੰਬਰ,ਦੇਸ਼ ਕਲਿਕ ਬਿਊਰੋ:
ਸੁਪਰੀਮ ਕੋਰਟ ਨੇ ਵਿਗਿਆਨੀ ਨੰਬੀ ਨਰਾਇਣਨ ਕੇਸ ਵਿੱਚ ਚਾਰ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦੇਣ ਵਾਲੇ ਕੇਰਲ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਨਰਾਇਣਨ ਨੂੰ 1994 ਵਿੱਚ ਇਸਰੋ ਜਾਸੂਸੀ ਕੇਸ ਵਿੱਚ ਫਰਜੀ ਢੰਗ ਨਾਲ ਫਸਾਇਆ ਗਿਆ ਸੀ।ਅਗਾਊਂ ਜ਼ਮਾਨਤ ਰੱਦ ਕਰਨ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਰਲ ਹਾਈ ਕੋਰਟ ਨੂੰ ਚਾਰ ਹਫ਼ਤਿਆਂ ਦੇ ਅੰਦਰ ਮੁਲਜ਼ਮਾਂ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ 'ਤੇ ਮੁੜ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ। ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਪੰਜ ਹਫ਼ਤਿਆਂ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ।ਸੁਪਰੀਮ ਕੋਰਟ ਦੇ ਜਸਟਿਸ ਐਮਆਰ ਸ਼ਾਹ ਦੀ ਬੈਂਚ ਨੇ ਕੇਰਲ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸੀਬੀਆਈ ਨੇ ਹਾਈ ਕੋਰਟ ਦੇ ਜ਼ਮਾਨਤ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੀਬੀਆਈ ਨੇ ਕੇਰਲ ਦੇ ਸਾਬਕਾ ਡੀਜੀਪੀ ਸਿਬੀ ਮੈਥਿਊਜ਼ ਸਮੇਤ ਚਾਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ ਨੂੰ ਚੁਣੌਤੀ ਦਿੱਤੀ ਸੀ।