ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ
ਦਲਜੀਤ ਕੌਰ
ਸੰਗਰੂਰ, 8 ਦਸੰਬਰ, 2022: ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ 27 ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗੇ੍ਰਡ ਕਰਨ ਲਈ ਹੁਣ ਤੱਕ ਅਧਿਕਾਰੀਆਂ ਦੁਆਰਾ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਨਿਰਧਾਰਿਤ ਟੀਚੇ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਲੋਕ ਆਪਣੇ ਘਰਾਂ ਦੇ ਨਜ਼ਦੀਕ ਹੀ ਇਲਾਜ ਸੁਵਿਧਾਵਾਂ ਹਾਸਲ ਕਰਨ ਦੇ ਸਮਰੱਥ ਬਣ ਸਕਣ।
ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਸਮੂਹ ਸਬ ਡਵੀਜ਼ਨਾਂ ਅੰਦਰ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਗਠਿਤ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਅਪਗੇ੍ਰਡੇਸ਼ਨ ਦੇ ਕਾਰਜ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਤਰਜ਼ 'ਤੇ ਅਪਗੇ੍ਰਡ ਕੀਤੇ ਜਾ ਰਹੇ ਇਨ੍ਹਾਂ ਸਿਹਤ ਕੇਂਦਰਾਂ ਵਿੱਚ ਹਰ ਲੋੜੀਂਦੀ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਨੋਡਲ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਪੱਧਰ ’ਤੇ ਕਾਰਜਸਾਧਕ ਅਧਿਕਾਰੀਆਂ ਤੇ ਦਿਹਾਤੀ ਪੱਧਰ ’ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਰਾਹੀਂ ਸਮੁੱਚੇ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਤਾਂ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਇਹ ਸਿਹਤ ਸੰਸਥਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।