ਸ਼ਿਮਲਾ,11 ਦਸੰਬਰ,ਦੇਸ਼ ਕਲਿਕ ਬਿਊਰੋ:
ਹਾਈ ਵੋਲਟੇਜ ਡਰਾਮੇ ਦੇ ਵਿਚਕਾਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਲਈ ਸ਼ਨੀਵਾਰ ਨੂੰ ਦਿੱਲੀ ਤੋਂ ਹਰੀ ਝੰਡੀ ਮਿਲਣ ਨਾਲ ਰਸਤਾ ਸਾਫ਼ ਹੋ ਗਿਆ ਹੈ। ਚਾਰ ਵਾਰ ਵਿਧਾਇਕ ਰਹੇ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ 15ਵਾਂ ਮੁੱਖ ਮੰਤਰੀ ਐਲਾਨਿਆ ਗਿਆ। ਇਸ ਤੋਂ ਇਲਾਵਾ ਮੌਜੂਦਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਪ੍ਰਤਿਭਾ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ‘ਚੋਂ ਬਾਹਰ ਹੋ ਗਈ। ਸਹੁੰ ਚੁੱਕ ਸਮਾਗਮ ਅੱਜ ਐਤਵਾਰ ਨੂੰ ਦੁਪਹਿਰ 1:30 ਵਜੇ ਸ਼ਿਮਲਾ ਦੇ ਰਿਜ ਮੈਦਾਨ 'ਚ ਹੋਵੇਗਾ।ਹੁਣ ਜਲਦੀ ਹੀ ਮੰਤਰੀਆਂ ਦੇ ਨਾਵਾਂ ਦਾ ਫੈਸਲਾ ਕੀਤਾ ਜਾਵੇਗਾ।ਹਾਈਕਮਾਂਡ ਵੱਲੋਂ ਸੁੱਖੂ ਦੇ ਨਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਸ਼ਨੀਵਾਰ ਸ਼ਾਮ ਸ਼ਿਮਲਾ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ। ਇਸ ਵਿੱਚ ਸੁੱਖੂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ, ਰਾਜ ਕਾਂਗਰਸ ਇੰਚਾਰਜ ਰਾਜੀਵ ਸ਼ੁਕਲਾ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਰਹਿਣਗੇ।