ਮੁੰਬਈ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਬੰਬੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਾਇਰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਐੱਮਐੱਸ ਕਾਰਨਿਕ ਨੇ ਪਟੀਸ਼ਨ 'ਤੇ 8 ਦਸੰਬਰ ਨੂੰ ਸੁਣਵਾਈ ਕਰਨ ਤੋਂ ਬਾਅਦ ਅੱਜ ਫੈਸਲਾ ਸੁਣਾਇਆ। ਦੇਸ਼ਮੁਖ ਨੂੰ ਇੱਕ ਸਾਲ ਤੋਂ ਵੱਧ ਨਿਆਂਇਕ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਦੱਸ ਦੇਈਏ ਕਿ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ 4 ਅਕਤੂਬਰ ਨੂੰ ਬੰਬੇ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ।ਹਾਲਾਂਕਿ, ਸੀਬੀਆਈ ਕੇਸ ਵਿੱਚ, ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਨੂੰ ਦੇਸ਼ਮੁਖ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।