ਨਵੀਂ ਦਿੱਲੀ,14 ਦਸੰਬਰ,ਦੇਸ਼ ਕਲਿਕ ਬਿਊਰੋ:
ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ। ਇਸ ਬੈਠਕ 'ਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਰਹੀ ਹੈ। ਸਰਕਾਰ ਇਸ ਸੈਸ਼ਨ ਵਿੱਚ ਕਈ ਅਹਿਮ ਬਿੱਲ ਪਾਸ ਕਰਾਉਣਾ ਚਾਹੁੰਦੀ ਹੈ।ਮੰਗਲਵਾਰ ਨੂੰ ਭਾਰਤ-ਚੀਨ ਸੈਨਿਕਾਂ ਵਿਚਾਲੇ ਤਵਾਂਗ ਝੜਪ ਦਾ ਮੁੱਦਾ ਸੰਸਦ 'ਚ ਹਾਵੀ ਰਿਹਾ। ਵਿਰੋਧੀ ਧਿਰ ਨੇ ਇਸ ਸਬੰਧੀ ਸਰਕਾਰ ਨੂੰ ਤਿੱਖੇ ਸਵਾਲ ਕੀਤੇ। ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਝੜਪ ਦੇ ਮੁੱਦੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਦੇ ਦੋਵਾਂ ਸਦਨਾਂ 'ਚ ਸਰਕਾਰ ਵੱਲੋਂ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਨੇ ਸਥਿਤੀ ਨੂੰ ਬਦਲਣ ਦੀਆਂ ਚੀਨੀ ਫੌਜਾਂ ਦੀਆਂ ਕੋਸ਼ਿਸ਼ਾਂ ਦਾ ਮੂੰਹਤੋੜ ਜਵਾਬ ਦਿੱਤਾ।