ਸ਼ਿਮਲਾ,14 ਦਸੰਬਰ,ਦੇਸ਼ ਕਲਿਕ ਬਿਊਰੋ:
ਹਿਮਾਚਲ ਪ੍ਰਦੇਸ਼ 'ਚ ਭਾਵੇਂ ਅਜੇ ਮੰਤਰੀਆਂ ਦੀਆਂ ਨਿਯੁਕਤੀਆਂ ਨਹੀਂ ਹੋਈਆਂ ਹਨ ਪਰ ਪਹਿਲੀ ਵਾਰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਸਾਰੇ ਵਿਭਾਗ ਆਪਸ 'ਚ ਵੰਡ ਲਏ ਹਨ। ਹਿਮਾਚਲ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਮੰਗਲਵਾਰ ਦੇਰ ਰਾਤ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿੱਤ, ਆਮ ਪ੍ਰਸ਼ਾਸਨ, ਗ੍ਰਹਿ, ਯੋਜਨਾ ਅਤੇ ਪ੍ਰਸੋਨਲ ਵਿਭਾਗ ਆਪਣੇ ਕੋਲ ਰੱਖੇ ਹਨ।ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲ ਸ਼ਕਤੀ, ਆਵਾਜਾਈ ਅਤੇ ਭਾਸ਼ਾ, ਕਲਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜ ਵਿਭਾਗ ਆਪਣੇ ਕੋਲ ਰੱਖੇ ਹਨ, ਜਦਕਿ ਉਪ ਮੁੱਖ ਮੰਤਰੀ ਨੂੰ ਤਿੰਨ ਵਿਭਾਗ ਦਿੱਤੇ ਗਏ ਹਨ।ਜਦੋਂ ਤੱਕ ਮੰਤਰੀਆਂ ਦੀਆਂ ਨਿਯੁਕਤੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਮੁੱਖ ਮੰਤਰੀ ਇਨ੍ਹਾਂ ਤੋਂ ਇਲਾਵਾ ਬਾਕੀ ਸਾਰੇ ਵਿਭਾਗਾਂ ਦੀ ਦੇਖ-ਰੇਖ ਕਰਨਗੇ। ਹਿਮਾਚਲ ਪ੍ਰਦੇਸ਼ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਮੰਤਰੀਆਂ ਤੋਂ ਪਹਿਲਾਂ ਵਿਭਾਗ ਦਿੱਤੇ ਗਏ ਹਨ। ਪਹਿਲਾਂ ਮੁੱਖ ਮੰਤਰੀ ਦੀ ਨਿਯੁਕਤੀ ਦੇ ਨਾਲ-ਨਾਲ ਮੰਤਰੀਆਂ ਦੀ ਨਿਯੁਕਤੀ ਹੁੰਦੀ ਸੀ, ਉਸ ਤੋਂ ਬਾਅਦ ਹੀ ਵਿਭਾਗਾਂ ਦੀ ਵੰਡ ਹੁੰਦੀ ਸੀ।