ਨਵੀਂ ਦਿੱਲੀ,17 ਦਸੰਬਰ,ਦੇਸ਼ ਕਲਿਕ ਬਿਊਰੋ:
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਦਿੱਤੇ ਵਿਵਾਦਤ ਬਿਆਨ 'ਤੇ ਭਾਜਪਾ ਨੇ ਸਖ਼ਤ ਨਾਰਾਜ਼ਗੀ ਜਤਾਈ ਹੈ। ਭਾਜਪਾ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ 'ਬਹੁਤ ਹੀ ਸ਼ਰਮਨਾਕ ਅਤੇ ਅਪਮਾਨਜਨਕ' ਹੈ। ਇੰਨਾ ਹੀ ਨਹੀਂ ਭਾਜਪਾ ਨੇ ਅੱਜ ਸ਼ਨੀਵਾਰ ਨੂੰ ਇਸ ਮੁੱਦੇ 'ਤੇ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਜਪਾ ਵਰਕਰਾਂ ਨੇ ਰਾਜਧਾਨੀ ਦਿੱਲੀ 'ਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ।ਵਿਰੋਧ ਪ੍ਰਦਰਸ਼ਨ ਬਾਰੇ ਭਾਜਪਾ ਨੇ ਦੱਸਿਆ ਕਿ ਦੇਸ਼ ਭਰ ਦੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਨੇ ਇਸ ਸਬੰਧ 'ਚ ਆਪਣੇ ਬਿਆਨ 'ਚ ਕਿਹਾ ਕਿ ਭਾਜਪਾ ਵਰਕਰ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਪਾਕਿਸਤਾਨ ਅਤੇ ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਪੁਤਲੇ ਫੂਕਣਗੇ। ਇਸ ਦੇ ਨਾਲ ਹੀ ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਸ਼ਰਮਨਾਕ ਬਿਆਨ ਦੀ ਵੀ ਸਖ਼ਤ ਨਿੰਦਾ ਕੀਤੀ ਜਾਵੇਗੀ।