ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ
ਨਵੀਂ ਦਿੱਲੀ,21 ਦਸੰਬਰ,ਦੇਸ਼ ਕਲਿਕ ਬਿਊਰੋ:
ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ 'ਚ ਭਾਰਤੀ ਅਤੇ ਚੀਨੀ ਫੌਜ ਵਿਚਾਲੇ ਹੋਏ ਟਕਰਾਅ 'ਤੇ ਚਿੰਤਾ ਜ਼ਾਹਰ ਕੀਤੀ ਹੈ। ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਸਦ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ।ਵਿਰੋਧੀ ਧਿਰ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੀਨ ਨਾਲ ਟਕਰਾਅ 'ਤੇ ਸੰਸਦ 'ਚ ਚਰਚਾ ਹੋਣੀ ਚਾਹੀਦੀ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਚਰਚਾ ਨਾ ਕਰਵਾਉਣ 'ਤੇ ਅੜੀ ਹੋਈ ਹੈ, ਜਦਕਿ ਜਨਤਾ ਅਤੇ ਸਦਨ ਸਰਹੱਦ ਦੀ ਅਸਲ ਸਥਿਤੀ ਜਾਣਨਾ ਚਾਹੁੰਦੇ ਹਨ। ਸੋਨੀਆ ਗਾਂਧੀ ਨੇ ਪੁੱਛਿਆ ਕਿ ਸਰਕਾਰ ਆਰਥਿਕ ਪਾਬੰਦੀਆਂ ਲਗਾ ਕੇ ਚੀਨ ਦੇ ਹਮਲੇ ਦਾ ਜਵਾਬ ਕਿਉਂ ਨਹੀਂ ਦੇ ਰਹੀ।ਸੀਪੀਸੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਦੇਸ਼ ਦੀ ਆਰਥਿਕ ਹਾਲਤ ਨਿਰਾਸ਼ਾਜਨਕ ਹੈ, ਜਦਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਠੀਕ ਹੈ। ਪ੍ਰਧਾਨ ਮੰਤਰੀ ਨੇ ਕੁਝ ਨਿਯੁਕਤੀ ਪੱਤਰ ਵੰਡੇ ਜਦੋਂ ਕਿ ਕਰੋੜਾਂ ਲੋਕ ਅਨਿਸ਼ਚਿਤ ਭਵਿੱਖ ਦਾ ਸਾਹਮਣਾ ਕਰ ਰਹੇ ਹਨ।