ਨਵੀਂ ਦਿੱਲੀ,22 ਦਸੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਵਿੱਚ ਵਿਸ਼ਵ ਪੱਧਰ 'ਤੇ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਦਿੱਲੀ ਵਿੱਚ ਇਸ ਦੇ ਪ੍ਰਭਾਵ ਦਾ ਮੁਲਾਂਕਣ ਕੀਤਾ ਜਾਵੇਗਾ। ਨਾਲ ਹੀ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਮੀਟਿੰਗ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਰਹਿਣਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਇੱਥੇ ਹਰ ਰੋਜ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਉਡਾਣਾਂ ਆਉਂਦੀਆਂ ਹਨ।ਅਜਿਹੇ 'ਚ ਜੇਕਰ ਚੀਨ ਸਮੇਤ ਹੋਰ ਦੇਸ਼ਾਂ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਤਾਂ ਦਿੱਲੀ ਨੂੰ ਚੌਕਸ ਰਹਿਣਾ ਜ਼ਰੂਰੀ ਹੈ। ਮੀਟਿੰਗ ਵਿੱਚ ਮੌਜੂਦਾ ਸਥਿਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਅਗਲੀ ਤਿਆਰੀ ਕੀਤੀ ਜਾਵੇਗੀ।ਰਾਜਧਾਨੀ 'ਚ ਕੋਰੋਨਾ ਦੀ ਲਾਗ ਦਰ 0.19 ਫੀਸਦੀ 'ਤੇ ਬਣੀ ਹੋਈ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਸੰਕਰਮਿਤ ਲੋਕਾਂ ਨਾਲੋਂ ਵੱਧ ਹੈ। ਸਿਹਤ ਵਿਭਾਗ ਮੁਤਾਬਕ ਬੁੱਧਵਾਰ ਨੂੰ ਕੋਰੋਨਾ ਦੇ 5 ਮਾਮਲੇ ਸਾਹਮਣੇ ਆਏ, ਜਦੋਂ ਕਿ 8 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਕਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ।