ਵਾਰ ਵਾਰ ਮੀਟਿੰਗ ਮੁਲਤਵੀ ਕਰਨ ਤੋਂ ਖ਼ਫ਼ਾ ਹੋਏ ਬੇਰੁਜ਼ਗਾਰ
ਦਲਜੀਤ ਕੌਰ
ਸੰਗਰੂਰ, 23 ਦਸੰਬਰ, 2022: ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਲਗਾਤਾਰ ਈਟੀਟੀ 2364 ਅਧਿਆਪਕਾ ਦੀ ਭਰਤੀ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ। ਪਿਛਲੇ ਦਿਨੀਂ ਸੰਗਰੂਰ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਆਉਣ ਵਾਲੀ 29 ਨਵੰਬਰ 2022 ਨੂੰ ਮੀਟਿੰਗ ਦਾ ਪੱਤਰ ਜਾਰੀ ਕੀਤਾ ਗਿਆ ਸੀ ਪਰ ਸੰਗਰੂਰ ਪ੍ਰਸ਼ਾਸਨ ਵੱਲੋਂ ਇਸ ਮੀਟਿੰਗ ਨੂੰ ਸਿੱਖਿਆ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਮੀਟਿੰਗ ਨੂੰ 14 ਦਸੰਬਰ 2022 ਨੂੰ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਫਿਰ ਇਸ ਮੀਟਿੰਗ ਨੂੰ 28 ਦਸੰਬਰ ਨੂੰ ਕਰ ਦਿੱਤਾ ਅਤੇ ਹੁਣ ਇਕ ਵਾਰ ਫਿਰ ਇਸ ਮੀਟਿੰਗ ਨੂੰ ਅੱਗੇ ਕਰਦੇ ਹੋਏ 30 ਦਸੰਬਰ 2022 ਨੂੰ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਰੋਸ ਪ੍ਰਗਟ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਨਾਲ਼ ਮੀਟਿੰਗ ਕਰਨ ਤੋਂ ਭੱਜ ਰਹੀ ਹੈ। ਪਹਿਲਾਂ ਸਿੱਖਿਆ ਮੰਤਰੀ ਦੇ ਭਰੋਸੇ ਕਰਕੇ ਸੰਗਰੂਰ ਪਾਣੀ ਵਾਲੀ ਟੈਂਕੀ ਵਾਲੇ ਧਰਨੇ ਨੂੰ ਖ਼ਤਮ ਕੀਤਾ ਗਿਆ ਸੀ। ਖ਼ੁਦ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਜੋ ਯੂਨੀਅਨ ਧਰਨੇ ਪ੍ਰਦਰਸ਼ਨ ਨਹੀਂ ਕਰੇਗੀ ਉਹਨਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਪਰ ਇਸ ਬਿਆਨ ਦੇ ਪੱਖ ਵਿੱਚ ਕੋਈ ਵੀ ਯੂਨੀਅਨ ਦਾ ਮਸਲਾ ਹੱਲ ਨਹੀਂ ਕੀਤਾ ਗਿਆ, ਜਿਸ ਨਾਲ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਹਿਮਤ ਨਹੀਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਤੋਂ ਪਾਸਾ ਵੱਟ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਸਾਡੇ ਨਾਲ਼ ਕੋਈ ਵੀ ਯੂਨੀਅਨ ਕਿਸੇ ਵੀ ਸਮੇਂ ਆ ਕੇ ਉਹਨਾਂ ਨਾਲ ਗੱਲਬਾਤ ਕਰ ਸਕਦੀ ਹੈ ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁੱਲ ਉੱਲਟ ਹਨ। ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮਯਾਬ ਨਜ਼ਰ ਆ ਰਹੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ 30 ਦਸੰਬਰ ਵਾਲੀ ਮੀਟਿੰਗ ਵਿੱਚ ਸਾਡੇ ਮਸਲੇ ਹੱਲ ਨਾ ਕੀਤੇ ਤਾਂ ਇੱਕ ਵਾਰ ਫਿਰ ਤੋਂ ਸਾਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਈਟੀਟੀ 2364 ਅਧਿਆਪਕਾਂ ਦੀ ਭਰਤੀ ਨੂੰ ਜਲਦ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਬਹਾਲ ਕਰਵਾਇਆ ਜਾਵੇ ਤਾਂ ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ।