ਕਿਹਾ ਕਿ ਰਾਹੁਲ ਖੁਦ ਉਡਾ ਰਹੇ ਨੇ ਸੁਰੱਖਿਆ ਨਿਯਮਾਂ ਦੀਆਂ ਧੱਜੀਆਂ
ਨਵੀਂ ਦਿੱਲੀ,29 ਦਸੰਬਰ,ਦੇਸ਼ ਕਲਿਕ ਬਿਊਰੋ:
ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿੱਚ ਕਮੀਆਂ ਵੱਲ ਧਿਆਨ ਦੇਣ ਤੋਂ ਇੱਕ ਦਿਨ ਬਾਅਦ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਬਿਆਨ ਦਿੱਤਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਈ ਮੌਕਿਆਂ 'ਤੇ ਨਿਰਧਾਰਤ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ।CRPF ਨੇ ਗ੍ਰਹਿ ਮੰਤਰਾਲੇ ਨੂੰ ਦੱਸਿਆ ਹੈ ਕਿ ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਹੈ। ਭਾਰਤ ਜੋੜੋ ਯਾਤਰਾ ਦੌਰਾਨ ਵੀ ਅਜਿਹਾ ਹੋਇਆ ਹੈ।ਇੰਨਾ ਹੀ ਨਹੀਂ CRPF ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਪੂਰੇ ਪ੍ਰੋਟੋਕੋਲ ਦਾ ਪਾਲਣ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ ਅਤੇ ਇਸ ਦੇ ਮਾਪਦੰਡਾਂ ਮੁਤਾਬਕ ਕੋਈ ਕਸਰ ਬਾਕੀ ਨਹੀਂ ਛੱਡੀ ਜਾਂਦੀ ਪਰ ਰਾਹੁਲ ਗਾਂਧੀ ਖੁਦ ਕਈ ਵਾਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰ ਕੇ ਲੋਕਾਂ ਨੂੰ ਮਿਲਣ ਜਾਂਦੇ ਹਨ।ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਕਾਂਗਰਸ ਦੇ ਪੱਤਰ 'ਤੇ ਸੀਆਰਪੀਐਫ ਤੋਂ ਜਵਾਬ ਮੰਗਿਆ ਸੀ। ਇਸ 'ਤੇ CRPF ਨੇ ਗ੍ਰਹਿ ਮੰਤਰਾਲੇ ਨੂੰ ਭੇਜੇ ਆਪਣੇ ਜਵਾਬ 'ਚ ਰਾਹੁਲ ਗਾਂਧੀ 'ਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੂੰ ਸੀਆਰਪੀਐਫ ਵੱਲੋਂ ਸੁਰੱਖਿਆ ਦਿੱਤੀ ਜਾਂਦੀ ਹੈ। ਦੱਸ ਦੇਈਏ ਕਿ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਇੱਕ ਪੱਤਰ ਲਿਖਿਆ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਅਤੇ ਹੋਰ ਯਾਤਰੀਆਂ ਦੀ ਸੁਰੱਖਿਆ ਵਿੱਚ ਕਈ ਵਾਰ ਕੁਤਾਹੀ ਹੋਈ ਹੈ।