ਨਵੀਂ ਦਿੱਲੀ,4 ਜਨਵਰੀ,ਦੇਸ਼ ਕਲਿਕ ਬਿਊਰੋ:
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 4-5 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਧੁੰਦ ਅਤੇ ਬੱਦਲਵਾਈ ਕਾਰਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਠੰਢ ਮਹਿਸੂਸ ਕੀਤੀ ਗਈ।ਆਈਐਮਡੀ ਦੀ ਭਵਿੱਖਬਾਣੀ ਮੁਤਾਬਕ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਜਾਰੀ ਰਹੇਗੀ। ਇਸ ਤੋਂ ਬਾਅਦ ਹੀ ਲੋਕਾਂ ਨੂੰ ਕੁਝ ਰਾਹਤ ਮਿਲੇਗੀ। ਆਈਐਮਡੀ ਨੇ ਚੇਤਾਵਨੀ ਦਿੱਤੀ ਹੈ ਕਿ ਖਰਾਬ ਮੌਸਮ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਵਾਹਨਾਂ ਦੇ ਆਪਸ ਵਿੱਚ ਟਕਰਾਉਣ, ਟਰੇਨਾਂ ਦੇ ਸੰਚਾਲਨ ਵਿੱਚ ਦੇਰੀ ਅਤੇ ਉਡਾਣਾਂ ਦੇ ਰੱਦ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਮੇ ਦੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਤਕਲੀਫ਼, ਖੰਘ ਅਤੇ ਜਲਣ ਅਤੇ ਅੱਖਾਂ ਵਿੱਚ ਇਨਫੈਕਸ਼ਨ ਦੀ ਸਮੱਸਿਆ ਹੋ ਸਕਦੀ ਹੈ।ਦੂਜੇ ਪਾਸੇ, ਦਿੱਲੀ-ਐਨਸੀਆਰ ਵਿੱਚ ਠੰਢੀ ਹਵਾ ਅਤੇ ਬੱਦਲਵਾਈ ਕਾਰਨ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅਗਲੇ ਇੱਕ-ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਤੋਂ ਸ਼ਨੀਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।