ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨ ਦੀ ਕੀਤੀ ਮੰਗ
ਦਲਜੀਤ ਕੌਰ
ਸੰਗਰੂਰ, 12 ਜਨਵਰੀ, 2023: ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਇਕਾਈ ਮੂਨਕ ਕਾਲਜ ਦੇ ਵੱਲੋਂ ਯੂਜੀਸੀ ਵੱਲੋਂ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ 'ਚ ਕੈਂਪਸ ਖੋਲਣ ਦੀ ਦਿੱਤੀ ਖੁੱਲ੍ਹ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀ ਆਗੂ ਹੁਸ਼ਿਆਰ ਸਿੰਘ ਸਲੇਮਗੜ ਨੇ ਦੱਸਿਆ ਕਿ ਲੰਘੀ 4 ਜਨਵਰੀ ਨੂੰ ਯੂਨੀਵਰਸਟੀ ਗ੍ਰਾਂਟਸ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਕੇ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ ਚ ਕੈਂਪਸ ਖੋਲਣ, ਮਰਜੀ ਨਾਲ ਫੀਸਾਂ ਵਸੂਲਣ ਤੇ ਵਿਦਿਆਰਥੀਆਂ ਦੀ ਲੁੱਟ ਕਰਕੇ ਕਮਾਏ ਪੈਸੇ ਨੂੰ ਵਾਪਸ ਆਪਣੇ ਪਿੱਤਰੀ ਰਾਜਾਂ ਨੂੰ ਭੇਜਣ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਵੀਂ ਸਿੱਖਿਆ ਨੀਤੀ ਦੇ ਤਹਿਤ ਲਿਆ ਗਿਆ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਤੋਂ ਸਸਤੀ ਤੇ ਮਿਆਰੀ ਸਿੱਖਿਆ ਖੋਹਣਾ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੇ ਮਸਲੇ 'ਤੇ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦੀ ਸਹਿਮਤੀ ਹੈ। ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਤਹਿਤ ਜਿੱਥੇ ਮੁਲਕ ਦੀ ਸਰਕਾਰੀ ਸਿੱਖਿਆ ਦੇ ਖੇਤਰ ਚ ਕਾਰਪੋਰੇਟ ਘਰਾਣਿਆਂ ਨੂੰ ਨਿਵੇਸ਼ ਕਰਨ ਦੀਆਂ ਖੁੱਲਾਂ ਦੇ ਕੇ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਉੱਥੇ ਹੀ ਨਵੀਂ ਸਿੱਖਿਆ ਨੀਤੀ ਨੂੰ ਭਾਜਪਾ ਆਪਣੀ ਪਾੜੋ ਤੇ ਰਾਜ ਕਰੋ ਦੀ ਨੀਤੀ ਲਈ ਵੀ ਵਰਤਣਾ ਚਾਹੁੰਦੀ ਹੈ ਜਿਸਦੇ ਤਹਿਤ ਸਰਕਾਰੀ ਸਿਲੇਬਸਾਂ ਚੋਂ ਜਮਹੂਰੀਅਤ, ਧਰਮ ਨਿਰਪੱਖਤਾ ਤੇ ਸਮਾਜਵਾਦ ਵਰਗੇ ਸ਼ਬਦਾਂ ਨੂੰ ਕੱਢਿਆ ਜਾ ਰਿਹਾ ਹੈ ਅੰਗਰੇਜ਼ੀ ਸਾਮਰਾਜ ਦੇ ਖਿਲਾਫ ਕੌਮੀ ਮੁਕਤੀ ਲਹਿਰ ਦੇ ਸ਼ਾਨਾਮੱਤੇ ਇਤਿਹਾਸ ਦੇ ਲੈਸਨਾਂ ਨੂੰ ਵੀ ਸਿਲੇਬਸਾਂ ਚੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ ਚ ਕੈਂਪਸ ਖੋਲਣ ਦੀਆਂ ਖੁੱਲਾਂ ਦੇ ਦੀ ਨੀਤੀ ਦੇ ਖਿਲਾਫ ਹੈ ਅਤੇ ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਤੋਂ ਸਿੱਖਿਆ ਬਜਟ ਚ ਵਾਧਾ ਕਰਨ, ਯੂਨੀਵਰਸਿਟੀਆਂ-ਕਾਲਜਾਂ 'ਚ ਪੱਕੀ ਭਰਤੀ ਕਰਨ ਅਤੇ ਸਿੱਖਿਆ ਸਿਲੇਬਸਾਂ 'ਚੋਂ ਕੌਮੀ ਮੁਕਤੀ ਲਹਿਰ ਨਾਲ ਸਬੰਧਤ ਲੈਸਨਾਂ ਨੂੰ ਕੱਢਣ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ। ਅੱਜ ਦੀ ਰੈਲੀ 'ਚ ਕਾਲਜ ਕਮੇਟੀ ਦੇ ਆਗੂ ਖੁਸ਼ੀ, ਤਨਿਕਸਾ, ਕੁਲਦੀਪ ਸਿੰਘ, ਪੁਸ਼ਪਿੰਦਰ ਸਿੰਘ ਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।