ਨਵੀਂ ਦਿੱਲੀ,18 ਜਨਵਰੀ,ਦੇਸ਼ ਕਲਿਕ ਬਿਊਰੋ:
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ।ਸੰਭਵ ਹੈ ਕਿ ਚੋਣ ਕਮਿਸ਼ਨ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਦੁਪਹਿਰ 2:30 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰੇਗਾ।ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਚੋਣ ਕਮਿਸ਼ਨ ਇਸ ਵਾਰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਇੱਕੋ ਸਮੇਂ ਚੋਣਾਂ ਕਰਵਾ ਸਕਦਾ ਹੈ। ਕਮਿਸ਼ਨ ਨੇ ਤਿੰਨਾਂ ਰਾਜਾਂ ਵਿੱਚ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਕਮਿਸ਼ਨ ਕਿਸੇ ਵੀ ਸਮੇਂ ਇਨ੍ਹਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਕਮਿਸ਼ਨ ਨੇ ਤਿੰਨ ਰਾਜਾਂ ਦੀਆਂ 180 ਵਿਧਾਨ ਸਭਾ ਸੀਟਾਂ 'ਤੇ ਪ੍ਰਸ਼ਾਸਨਿਕ ਅਤੇ ਜ਼ਮੀਨੀ ਪੱਧਰ 'ਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਇਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਹੈ। ਇਨ੍ਹਾਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਾਰਚ ਵਿੱਚ ਖ਼ਤਮ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਸਾਲ ਨੌਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ, ਕਰਨਾਟਕ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ ਤੇ ਤੇਲੰਗਾਨਾ ਸ਼ਾਮਲ ਹਨ। ਇਸ ਤੋਂ ਤੁਰੰਤ ਬਾਅਦ ਅਗਲੇ ਸਾਲ ਯਾਨੀ 2024 ਦੇ ਸ਼ੁਰੂ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।