ਮੈਂ ਅਸਤੀਫਾ ਨਹੀਂ ਦੇਵਾਂਗਾ: WFI ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ
ਨਵੀਂ ਦਿੱਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋ
, ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਦੇਸ਼ ਦੀਆਂ ਕਈ ਵੱਡੀਆਂ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਹੁਣ ਮਾਮਲਾ ਵਧਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇੱਕ ਸਮੂਹ ਨੇ ਬੀਤੇ ਦਿਨ ਖੇਡ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਬ੍ਰਿਜ ਭੂਸ਼ਣ ਨੂੰ ਹਟਾਉਣ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੌਰਾਨ ਬ੍ਰਿਜ ਭੂਸ਼ਣ ਸ਼ਰਨ ਅੱਜ ਸ਼ਾਮ 4 ਵਜੇ ਕੁਸ਼ਤੀ ਸਿਖਲਾਈ ਕੇਂਦਰ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ।
ਪ੍ਰੈੱਸ ਕਾਨਫਰੰਸ ਕਰਨ ਤੋਂ ਪਹਿਲਾਂ ਬ੍ਰਿਜ ਭੂਸ਼ਣ ਨੇ ਟਵੀਟ ਕੀਤਾ ਹੈ ਕਿ ਇਸ ਕਾਨਫਰੰਸ 'ਚ ਉਹ ਆਪਣੇ ਖਿਲਾਫ ਹੋਈ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਅਜੇ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਅਸਤੀਫਾ ਦੇਣ ਜਾ ਰਿਹਾ ਹਾਂ।
ਬੀਤੇ ਦਿਨ ਸਾਬਕਾ ਪਹਿਲਵਾਨ ਬਬੀਤਾ ਫੋਗਾਟ ਨੇ ਕੇਂਦਰ ਸਰਕਾਰ ਦੀ ਤਰਫੋਂ ਜੰਤਰ-ਮੰਤਰ ਪਹੁੰਚ ਕੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੇ ਨਾਲ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।