*24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਮਾਨਸਾ, 20 ਜਨਵਰੀ, ਦੇਸ਼ ਕਲਿੱਕ ਬਿਓਰੋ
ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਿਹਰਸਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।
ਰਿਹਰਸਲ ਦੌਰਾਨ ਸੱਭਿਆਚਾਰ ਕਮੇਟੀ ਨੂੰ ਜੋ ਕਮੀਆਂ ਪੇਸ਼ ਆਈਆਂ, ਉਨ੍ਹਾਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਹੀ ਸਕੂਲ ਦੀ ਟੀਮ ਨਾਲ ਆਏ ਇੰਚਾਰਜਾਂ ਨੂੰ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਬੱਚਿਆਂ ਨੂੰ ਪੂਰੇ ਅਨੁਸਾਸ਼ਨ ਵਿੱਚ ਰੱਖਿਆ ਜਾਵੇ ਅਤੇ ਕੋਰੀਓਗ੍ਰਾਫ਼ੀ ਸਬੰਧੀ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ-ਪਹਿਲਾਂ ਦੂਰ ਕਰ ਲਿਆ ਜਾਵੇ। ਉਨ੍ਹਾ ਕਿਹਾ ਕਿ 24 ਜਨਵਰੀ 2023 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ ਸਿੱਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਵਿਜੈ ਕੁਮਾਰ ਮਿੱਢਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਲਾਭ ਸਿੰਘ, ਡੀ.ਐਮ. ਖੇਡਾਂ ਮਾਨਸਾ ਗੁਰਦੀਪ ਸਿੰਘ, ਕੁਲਦੀਪ ਸਿੰਘ ਅਤੇ ਬੀ.ਐਮ. ਖੇਡਾਂ ਬੂਟਾ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।