ਬਲੀਆ (ਉੱਤਰ ਪ੍ਰਦੇਸ਼), 22 ਜਨਵਰੀ, ਦੇਸ਼ ਕਲਿਕ ਬਿਓਰੋ
ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ ਵਾਪਰੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਮਿਡ-ਡੇ-ਮੀਲ ਭੱਤੇ ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਸਕੂਲ ਦੇ ਮੁੱਖ ਅਧਿਆਪਕ ਸਮੇਤ ਸਾਰੇ ਅਧਿਆਪਕਾਂ ਨੂੰ ਸਕੂਲ ਦੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ। ਬਰਿਆਰੀਆ ਦੇ ਬਲਾਕ ਸਿੱਖਿਆ ਅਧਿਕਾਰੀ ਪੰਕਜ ਮਿਸ਼ਰਾ ਨੇ ਕਿਹਾ ਕਿ ਮੀਡੀਆ ਰਾਹੀਂ ਜੋ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਉਸ ਦੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਸਾਰੇ ਬੱਚਿਆਂ ਨੂੰ ਬਕਾਇਆ ਭੱਤਾ ਤੁਰੰਤ ਭੇਜ ਦਿੱਤਾ ਜਾਵੇਗਾ।
ਉੱਤਰ ਪ੍ਰਦੇਸ਼ ਬੇਸਿਕ ਸਿੱਖਿਆ ਵਿਭਾਗ ਨੇ ਕੋਵਿਡ-19 ਲੌਕਡਾਊਨ ਦੀ ਮਿਆਦ ਦੌਰਾਨ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਅਨਾਜ ਅਤੇ ਮਿਡ-ਡੇ-ਮੀਲ ਭੱਤਾ ਦੇਣ ਦਾ ਫੈਸਲਾ ਕੀਤਾ ਸੀ। ਲਾਕਡਾਊਨ ਕਾਰਨ ਸਕੂਲਾਂ ਵਿੱਚ ਮਿਡ-ਡੇ-ਮੀਲ ਨਾ ਮਿਲਣ ਵਾਲੇ ਵਿਦਿਆਰਥੀਆਂ ਨੂੰ ਪੋਸ਼ਣ ਸੰਬੰਧੀ ਲਾਭ ਦੇਣ ਲਈ ਪ੍ਰਬੰਧ ਕੀਤੇ ਗਏ ਸਨ।
ਇਹ ਪੈਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਭੇਜੇ ਜਾਣੇ ਸਨ।
ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕੋਵਿਡ-19 ਕਾਰਨ ਲੌਕਡਾਊਨ ਲਈ ਭੱਤਾ ਨਹੀਂ ਮਿਲਿਆ ਹੈ।