ਦਲਜੀਤ ਕੌਰ
ਸੰਗਰੂਰ, 25 ਜਨਵਰੀ, 2023: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਰਸ਼ਨ ਕੁਮਾਰ ਵੱਲੋਂ ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਵੱਖ—ਵੱਖ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਵਿਭਾਗ ਦੇ ਚੱਲ ਰਹੇ ਸਿਹਤ ਭਲਾਈ ਪ੍ਰੋਗਰਾਮਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਸਿਵਲ ਹਸਪਤਾਲ ਸੰਗਰੂਰ, ਸਿਵਲ ਹਸਪਤਾਲ ਧੂਰੀ, ਸੀ.ਐਚ.ਸੀ. ਭਵਾਨੀਗੜ੍ਹ, ਨਦਾਮਪੁਰ ਸਮੇਤ ਆਮ ਆਦਮੀ ਕਲੀਨਿਕਾਂ ਦਾ ਵੀ ਦੌਰਾ ਕੀਤਾ।
ਡਿਪਟੀ ਡਾਇਰੈਕਟਰ ਡਾ. ਦਰਸ਼ਨ ਕੁਮਾਰ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਦਿਆਂ ਮੌਜੂਦ ਡਾਕਟਰਾਂ ਨਾਲ ਮੀਟਿੰਗ ਕੀਤੀ ਤੇ ਐਮਰਜੈਂਸੀ, ਐਮ.ਸੀ.ਐਚ. ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ‘ਚ ਜੱਚਾ—ਬੱਚਾ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਬਿਹਤਰੀਨ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਇਸੇ ਲੜੀ ਤਹਿਤ 27 ਜਨਵਰੀ 2023 ਨੂੰ ਜ਼ਿਲ੍ਹੇ ਅੰਦਰ 14 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਨਾਲ ਮੁੱਢਲੀਆਂ ਡਾਕਟਰੀ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਡਿਪਟੀ ਮੈਡਕਲ ਕਮਿਸ਼ਨਰ ਡਾ. ਵਿਕਾਸ ਧੀਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।