ਚੰਡੀਗੜ੍ਹ,31 ਜਨਵਰੀ,ਦੇਸ਼ ਕਲਿਕ ਬਿਊਰੋ:
ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੇ ਮਾਣਭੱਤੇ ਵਿੱਚ ਪੰਜ ਫੀਸਦੀ ਵਾਧੇ ਦੇ ਹੁਕਮ ਦਿੱਤੇ ਹਨ। ਇਹ ਹੁਕਮ 1 ਜਨਵਰੀ 2023 ਤੋਂ ਲਾਗੂ ਹੋਵੇਗਾ। ਹੁਣ ਵੋਕੇਸ਼ਨਲ ਅਧਿਆਪਕਾਂ ਨੂੰ 30500 ਰੁਪਏ ਦੀ ਬਜਾਏ 32025 ਰੁਪਏ ਮਾਣ ਭੱਤਾ ਮਿਲੇਗਾ।ਅਧਿਆਪਕਾਂ ਦੇ ਮਾਣ ਭੱਤੇ ਵਿੱਚ 1675 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਰਿਆਣਾ ਦੇ 1186 ਸਰਕਾਰੀ ਸਕੂਲਾਂ ਵਿੱਚ 15 ਸ਼੍ਰੇਣੀਆਂ ਵਿੱਚ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਨੌਵੀਂ ਜਮਾਤ ਤੋਂ ਸ਼ੁਰੂ ਹੁੰਦੀ ਹੈ। ਇਸ ਵਿੱਚ ਖੇਤੀਬਾੜੀ, ਸੁੰਦਰਤਾ, ਬੀਮਾ, ਬੈਂਕਿੰਗ, ਵਿੱਤ, ਮਰੀਜ਼ਾਂ ਦੀ ਦੇਖਭਾਲ, ਟੈਕਸਟਾਈਲ, ਇੰਟਰਨੈਟ ਆਦਿ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਥਾਵਾਂ ਵਿੱਚ ਇੰਟਰਨਸ਼ਿਪ ਵੀ ਦਿੱਤੀ ਜਾਂਦੀ ਹੈ।ਇਸ ਵਿੱਚ ਮੁਹਾਰਤ ਹਾਸਲ ਕਰਕੇ ਵਿਦਿਆਰਥੀ ਭਵਿੱਖ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣਗੇ।ਦੂਜੇ ਪਾਸੇ, ਰਾਜ ਸਰਕਾਰ ਨੇ ਆਧਾਰ ਸਮਰਥਿਤ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਰਾਹੀਂ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਦਫ਼ਤਰ ਤੋਂ ਜਾਰੀ ਹਦਾਇਤਾਂ ਵਿੱਚ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਹਾਜ਼ਰੀ ਨਾ ਲਗਾਉਣ ਨੂੰ ਗੰਭੀਰ ਮੰਨਿਆ ਜਾਵੇਗਾ।