ਨਵੀਂ ਦਿੱਲੀ,3 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਸੰਸਦ 'ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਇੱਕ ਵਾਰ ਫਿਰ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਸੱਦੀ ਸੀ। ਇਸ ਮੀਟਿੰਗ 'ਚ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।ਅਡਾਨੀ ਗਰੁੱਪ 'ਤੇ ਹਿੰਡਨਬਰਗ ਰਿਸਰਚ ਦੇ ਦੋਸ਼ਾਂ 'ਤੇ ਕਾਂਗਰਸ, ਟੀਐਮਸੀ, ਆਪ, ਸਪਾ, ਡੀਐਮਕੇ, ਜਨਤਾ ਦਲ ਅਤੇ ਖੱਬੇ ਪੱਖੀਆਂ ਸਮੇਤ 13 ਵਿਰੋਧੀ ਪਾਰਟੀਆਂ ਨੇ ਮੀਟਿੰਗ ਕੀਤੀ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ 'ਚ ਹੋਈ। ਇਨ੍ਹਾਂ ਵਿੱਚੋਂ 9 ਪਾਰਟੀਆਂ ਨੇ ਰਾਜ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ। ਲੋਕਾਂ ਦਾ ਬੈਂਕ ਅਤੇ ਐਲਆਈਸੀ ਤੋਂ ਵਿਸ਼ਵਾਸ ਉਠ ਜਾਵੇਗਾ। ਕੁਝ ਕੰਪਨੀਆਂ ਦੇ ਸ਼ੇਅਰ ਲਗਾਤਾਰ ਡਿੱਗ ਰਹੇ ਹਨ।