ਫਾਜਿ਼ਲਕਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ
ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਹਸਤਾਂ ਕਲਾਂ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੱਜ ਸੇਵਾ ਕੇਂਦਰ ਵੇਖਣ ਲਈ ਫਾਜਿ਼ਲਕਾ ਪਹੁੰਚੇ। ਇੱਥੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਸਰਕਾਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹਈਆ ਕਰਵਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕੋ ਥਾਂ ਹੈ ਜਿੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਮਿਲਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਪੜਾਈ ਕਰਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ, ਕਿਹੜੀਆਂ ਸੇਵਾਵਾਂ ਮਿਲਦੀਅ ਹਨ ਅਤੇ ਇਸ ਦੀ ਕੀ ਵਿਧੀ ਹੈ ਇਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਸੇਵਾ ਕੇਂਦਰ ਵੱਲੋਂ ਉਪਹਾਰ ਵੀ ਦਿੱਤੇ ਗਏ।
ਜਿਕਰਯੋਗ ਹੈ ਕਿ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਵੱਲੋਂ ਲਰਨ ਐਂਡ ਗ੍ਰੋਅ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੋਇਆ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨਾ ਹੈ।