ਪੰਜਾਬ ਭਰ ’ਚੋਂ ਜਲ ਸਪਲਾਈ ਵਰਕਰ, ਪਰਿਵਾਰਾਂ ਤੇ ਬੱਚਿਆ ਸਣੇ ਵੱਡੇ ਕਾਫਲਿਆਂ ’ਚ ਸ਼ਾਮਲ ਹੋਣਗੇ- ਵਰਿੰਦਰ ਸਿੰਘ ਮੋਮੀ
ਜਲਾਲਾਬਾਦ/ਅਜਨਾਲਾ/ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਉਲੀਕੇ ਹੋਏ ਸੰਘਰਸ਼ ਪ੍ਰੋਗਰਾਮ ਤਹਿਤ ਮਿਤੀ 8 ਫਰਵਰੀ 2023 ਨੂੰ ਹਲਕਾ ਅਜਨਾਲਾ ਵਿਖੇ ਸਰਕਾਰ ਦੀ ਗਠਿਤ ‘ਸਬ-ਕਮੇਟੀ ਮੈਬਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਜਿਲ੍ਹਾ ਪੱਧਰੀ ਮੀਟਿੰਗਾਂ ਕਰਨ ਉਪਰੰਤ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ’ਚ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਸੰਤੀ ਰੰਗ ’ਚ ਸੱਜ ਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣਗੇ।
ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਮੀਡੀਆ ਨੂੰ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਬਤੌਰ ਇਨਲਿਸਟਮੈਂਟ ਵਰਕਰ ਜੋਕਿ ਪਿਛਲੇ 10-15 ਸਾਲਾਂ ਤੋਂ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਨਿਰਵਿਘਨ ਦੇ ਰਹੇ ਹਨ, ਦੀ ਭਰਤੀ ਪਹਿਲਾਂ ਵਿਭਾਗੀ ਅਧਿਕਾਰੀਆਂ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਘਰ-ਘਰ ਪਹੁੰਚਾਉਣ ਲਈ ਆਊਟਸੋਰਸ ਅਧੀਨ ਕੀਤੀ ਗਈ ਸੀ ਪਰ ਸਾਜਿਸ਼ ਤਹਿਤ ਬਿਨਾ ਸਰਕਾਰ ਦੀ ਮੰਜੂਰੀ ਲਏ ਵਿਭਾਗੀ ਅਧਿਕਾਰੀਆਂ ਵਲੋਂ 2008 ਤੋਂ ਬਾਅਦ ਧੱਕੇ ਨਾਲ ਇਨਲਿਸਟਮੈਂਟ ਠੇਕੇਦਾਰ ਬਣਾ ਦਿੱਤਾ ਗਿਆ ਜਦਕਿ ਇਨ੍ਹਾਂ ਕਾਮਿਆਂ ਵਲੋਂ ਵਰਕਰ ਦੇ ਰੂਪ ’ਚ ਹੀ ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਉਕਤ ਵਿਭਾਗ ’ਚ ਵੱਖ-ਵੱਖ ਪੋਸਟਾਂ ’ਤੇ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਇਨ੍ਹਾਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ। ਜਿਸ ’ਤੇ ਸਰਕਾਰੀ ਵਿਊਤਬੰਦੀ ਦੇ ਅਨੁਸਾਰ ਵਿਭਾਗੀ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਨੂੰ ਸਬੰਧਤ ਵਿਭਾਗ ਵਿਚ ਲੈਣ ਲਈ ਪ੍ਰਪੋਜਲ (ਕੇਸ) ਤਿਆਰ ਕੀਤੀ ਗਈ ਸੀ, ਜਿਸ ਤਹਿਤ ਵੀ ਇਨਲਿਸਟਮੈਂਟ ਕਾਮਿਆਂ ਦਾ ਪੱਕਾ ਰੁਜਗਾਰ ਹੋ ਸਕਦਾ ਹੈ।
ਪਰ ਤ੍ਰਾਂਸਦੀ ਇਹ ਹੈ ਕਿ ਆਮ ਲੋਕਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਵਰਤਮਾਨ ਪੰਜਾਬ ਸਰਕਾਰ ਵੀ ਇਸਦੇ ਪਹਿਲਾਂ ਪੰਜਾਬ ਦੀ ਸੱਤਾ ’ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕਾਰਪੋਰੇਟੀ ਹਿੱਤਾਂ ਦੀ ਪੂਰਤੀ ਲਈ ਅਤੇ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਲਈ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦੇ ਤਹਿਤ ਹੀ ਨਹਿਰੀ ਪਾਣੀ ਸਪਲਾਈ ਦੇ ਬਹਾਨੇ ਨਾਲ ਸਾਰੇ ਪੰਜਾਬ ’ਚ ਵੱਡੀਆਂ ਕੰਪਨੀਆਂ ਦੇ ਸਹਿਯੋਗ ਨਾਲ ਬਲਾਕ ਅਤੇ ਜਿਲ੍ਹਾ ਪੱਧਰੀ ਮੈਗਾ ਪ੍ਰੋਜੈਕਟ ਲਗਾ ਕੇ ਪੰਚਾਇਤੀਕਰਨ ਦੇ ਨਾਂਅ ਹੇਠ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਹਜਾਰਾਂ ਦੀ ਗਿਣਤੀ ਵਿਚ ਜਲ ਸਪਲਾਈ ਮਹਿਕਮੇ ’ਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਦਾ ਕੱਚਾ-ਪਿੱਲਾ ਰੁਜਗਾਰ ਖੋਹ ਕੇ ਬੇਰੁਜਗਾਰੀ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸਦਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਲਾਂਬੱਧੀ ਅਰਸ਼ੇ ਤੋਂ ਬਤੌਰ ਇਨਲਿਸਟਮੈਂਟ ਅਤੇ ਆਊਟਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਤਜਰਬੇ ਦੇ ਅਧਾਰ ’ਤੇ ਵਿਭਾਗ ’ਚ ਸ਼ਾਮਲ ਕਰਕੇ ਪੱਕਾ ਰੁਜਗਾਰ ਕਰਵਾਉਣ ਸਮੇਤ ਜਥੇਬੰਦੀ ਦੇ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵਲੋਂ ਸ਼ੁਰੂ ਕੀਤੇ ਸ਼ੰਘਰਸ਼ ਤਹਿਤ ਮਿਤੀ 8 ਫਰਵਰੀ 2023 ਨੂੰ ਹਲਕਾ ਅਜਨਾਲਾ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਵਿਚ ਜਲ ਸਪਲਾਈ ਵਰਕਰਾਂ ਵਿਚ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਭੁਪਿੰਦਰ ਸਿੰਘ ਕੁਤਬੇਵਾਲ, ਹਾਕਮ ਸਿੰਘ ਧਨੇਠਾ,ਰੁਪਿੰਦਰ ਸਿੰਘ, ਜਗਰੂਪ ਸਿੰਘ, ਸੁਰੇਸ਼ ਕੁਮਾਰ, ਮਨਪ੍ਰੀਤ ਸਿੰਘ, ਸੰਦੀਪ ਖਾਂ,ਪ੍ਰਦੂਮਣ ਸਿੰਘ, ਸੁਰਿੰਦਰ ਸਿੰਘ, ਉਕਾਰ ਸਿੰਘ, ਤਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਬਲਜੀਤ ਸਿੰਘ ਭੱਟੀ, ਜਸਵੀਰ ਸਿੰਘ ਜਿੰਦਬੜੀ ਆਦਿ ਹਾਜਰ ਸਨ।