ਮੋਰਿੰਡਾ 15 ਫਰਵਰੀ ( ਭਟੋਆ )
ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ਤੇ ਕਾਲਜ ਦਾ ਗੇਟ ਬੰਦ ਕਰਕੇ ਮੁਕੰਮਲ ਹੜਤਾਲ ਅਤੇ 5 ਘੰਟਿਆਂ ਲਈ ਧਰਨਾ ਦਿੱਤਾ ਗਿਆ, ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੀ ਕਾਲਜ ਯੂਨਿਟ ਦੀ ਪ੍ਰਧਾਨ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਏਡਿਡ ਕਾਲਜਾਂ ਦੇ ਅਧਿਆਪਕਾਂ ਨਾਲ ਉਚੇਰੀ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਰਕਾਰੀ ਅਤੇ ਏਡਿਡ ਕਾਲਜਾਂ ਵਿੱਚ ਰੈਗੂਲਰ ਭਰਤੀ ਕਰਨ ਸਬੰਧੀ, ਕਾਲਜ ਅਧਿਆਪਕਾਂ ਤੇ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਸਕੇਲ ਲਾਗੂ ਕਰਨ ਬਾਰੇ ਅਤੇ ਏਡਿਡ ਕਾਲਜਾਂ ਦੀਆਂ ਰੁਕੀਆਂ 95% ਗ੍ਰਾਂਟਾ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਨ ਸਬੰਧੀ ਵਾਅਦੇ ਕੀਤੇ ਗਏ ਸਨ, ਪਰੰਤੂ ਸਰਕਾਰ ਕਾਲਜ ਅਧਿਆਪਕਾਂ ਨਾਲ ਕੀਤੇ ਵਾਅਦੇ ਭੁੱਲ ਗਈ ਹੈ।
ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਧਾਰਾ 13(2) ਰਾਹੀਂ ਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਅਤੇ ਲੰਮੇ ਸਮੇਂ ਤੋਂ ਏਡਿਡ ਕਾਲਜਾਂ ਦੀਆਂ 95% ਰੋਕੀਆਂ ਗਈਆਂ ਗ੍ਰਾਂਟਾ ਜਾਰੀ ਨਾ ਕਰਨ ਦੇ ਨਿੰਦਣਯੋਗ ਫੈਸਲੇ ਵਿਰੁਧ ਦਿੱਤਾ ਗਿਆ ਹੈ। ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਹਨ, ਸਰਕਾਰ ,ਪੰਜਾਬ ਦੇ ਲੋਕਾਂ ਨੂੰ ਇਸ਼ਤਿਹਾਰਬਾਜ਼ੀ ਰਾਹੀਂ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਤੋਂ ਰੋਕਣ ਸਬੰਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਪੰਜਾਬ ਦੇ ਕਾਲਜਾਂ ਵਿਚ ਨਾ ਤਾਂ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਏਡਿਡ ਕਾਲਜਾਂ ਨੂੰ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਅਧਿਆਪਕ ਆਗੂ ਨੇ ਦੱਸਿਆ ਕਿ ਅਜਿਹੇ ਹਾਲਾਤਾਂ ਵਿਚ ਪੰਜਾਬ ਦੇ ਸਰਕਾਰੀ ਅਤੇ ਏਡਿਡ ਕਾਲਜ ਬੰਦ ਹੋਣ ਦੇ ਕਿਨਾਰੇ ਆ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਲਈ ਗਰਾਂਟਾਂ ਰੋਕਕੇ ਜਾਂ ਉਮਰ ਘਟਾ ਕੇ ਸੂਬੇ ਦੇ ਖਜਾਨੇ ਨੂੰ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰੰਤੂ ਸੂਬੇ ਵਿਚ ਚੱਲ ਰਹੇ ਹਰ ਤਰ੍ਹਾਂ ਦੇ ਮਾਫੀਏ ਨੂੰ ਰੋਕਣ ਸਬੰਧੀ ਸਰਕਾਰ ਵੱਲੋਂ ਕੋਈ ਸਾਰਥਕ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀਆਂ ਜਾ ਰਹੀ ਅਤੇ ਸਿਰਫ਼ ਅਧਿਆਪਕਾਂ ਦਾ ਹੀ ਗਲਾ ਘੁੱਟਿਆ ਜਾ ਰਿਹਾ ਹੈ।
ਇਸ ਮੌਕੇ ਤੇ ਸਮੂਹ ਧਰਨਾਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ ਘਟਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਲੋੜੀਂਦੀ ਸੋਧ ਕਰਕੇ ਸਹੀ ਅਰਥਾਂ ਵਿੱਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਸਬੂਤ ਦਿੱਤਾ ਜਾਵੇ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਸ ਨੇ ਆਪਣਾ ਇਹ ਫ਼ੈਸਲਾ ਨਾ ਬਦਲਿਆ ਤਾਂ ਪੰਜਾਬ ਦੇ 20 ਏਡਿਡ ਕਾਲਜਾਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗਾ, ਜਿਸਦਾ ਇਨ੍ਹਾਂ ਕਾਲਜਾਂ ਵਿੱਚ ਪੜਦੇ ਹਜਾਰਾਂ ਵਿਦਿਆਰਥੀਆਂ ਦੀ ਪੜਾਈ ਤੇ ਮਾਰੂ ਪ੍ਭਾਵ ਪਵੇਗਾ।
ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ ਪੁਸ਼ਪਿੰਦਰ ਕੌਰ, ਪੀ ਸੀ ਸੀ ਟੀ ਯੂ ਕਾਲਜ ਯੂਨਿਟ ਦੇ ਪ੍ਰਧਾਨ ਡਾ ਗੁਰਪ੍ਰੀਤ ਕੌਰ, ਪ੍ਰੋ ਨਵਜੋਤ ਕੌਰ, ਪ੍ਰੋ ਦਿਵਿਆ ਸ਼ਰਮਾ, ਸ਼੍ਰੀਮਤੀ ਲਵਪ੍ਰੀਤ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਅਨੀਤਾ ਕਪੂਰ ਸਮੇਤ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।