ਦਲਜੀਤ ਕੌਰ
ਸੰਗਰੂਰ, 22 ਫਰਵਰੀ, 2023: ਪੰਜਾਬ ਸਰਕਾਰ ਜ਼ਿਲ੍ਹਾ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਰਵੋਤਮ ਵਿਦਿਅਕ ਸਹੂਲਤਾਂ ਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਨਵੇਂ ਵਿਦਿਅਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕਰੇਗੀ।
ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਰਕਾਰੀ ਸਕੂਲ ਸਹੂਲਤਾਂ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ ਬਲਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਤੇ ਤਜਰਬੇਕਾਰ ਅਧਿਆਪਕ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਹਰ ਬਿਹਤਰੀਨ ਸੁਵਿਧਾ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਨ੍ਹਾਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹੀ ਇਹ ਵਿਸ਼ੇਸ਼ ਵੈਨ ਹਰ ਇਲਾਕੇ ਵਿੱਚ ਪਹੁੰਚ ਕਰਕੇ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਐਲ.ਕੇ.ਜੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਸੌ ਫੀਸਦੀ ਦਾਖਲੇ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਪੁੱਟਿਆ ਗਿਆ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ ਤੌਰ ’ਤੇ ਤਿਆਰ ਕੀਤੀ ਗਈ ਇਹ ਵੈਨ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ।
ਇਸ ਮੌਕੇ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ਼ਿਵਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਅੰਗਰੇਜ਼ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਵਿਨੋਦ ਹਾਂਡਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਗੁਰਮੀਤ ਸਿੰਘ ਈਸਾਪੁਰ ਬੀ.ਪੀ.ਈ.ਓ ਸੰਗਰੂਰ-1 ਅਤੇ ਜਸਪ੍ਰੀਤ ਨਾਗਰਾ ਜ਼ਿਲ੍ਹਾ ਕੁਆਰਡੀਨੇਟਰ ਵੀ ਹਾਜ਼ਰ ਸਨ।