ਗਾਂਧੀਨਗਰ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ:
ਬੀਤੀ ਰਾਤ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਕੰਪਨੀ ਵਿੱਚ ਧਮਾਕਾ ਹੋਇਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਧਮਾਕਾ ਸੋਮਵਾਰ ਰਾਤ ਕਰੀਬ 11 ਵਜੇ ਸਰੀਗਾਮ ਜੀਆਈਡੀਸੀ ਇਲਾਕੇ ਵਿੱਚ ਸਥਿਤ ਕੰਪਨੀ ਵਿੱਚ ਹੋਇਆ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਵਲਸਾਡ ਦੇ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੈਟਰੋ ਕੈਮੀਕਲ ਕੰਪਨੀ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਹਾਲਾਂਕਿ ਇਮਾਰਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੈਮੀਕਲ ਰੱਖੇ ਹੋਣ ਕਾਰਨ ਅੱਗ ਬੁਝਾਉਣ ਲਈ ਪਾਣੀ ਦੀ ਵਰਤੋਂ ਨਹੀਂ ਕੀਤੀ ਗਈ।