ਨਵੀਂ ਦਿੱਲੀ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ:
ਦਿੱਲੀ ਦੀ 2021-2022 ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਵਿੱਚ ਘਿਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫ਼ਤਾਰੀ ਅਤੇ ਪੰਜ ਦਿਨ ਦੀ ਸੀਬੀਆਈ ਹਿਰਾਸਤ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ।ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਅੱਜ ਮੰਗਲਵਾਰ ਨੂੰ 'ਵਿਸ਼ੇਸ਼ ਜ਼ਿਕਰ' ਦੌਰਾਨ ਸੀਨੀਅਰ ਵਕੀਲ ਏਐਮ ਸਿੰਘਵੀ ਨੇ ਸਿਸੋਦੀਆ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਬੈਂਚ ਨੇ ਕਿਹਾ ਕਿ ਉਹ ਅੱਜ ਸ਼ਾਮ 4 ਵਜੇ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਪੰਜ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦਿੱਲੀ ਦੇ ਰੌਜ਼ ਐਵੇਨਿਊ ਸਥਿਤ ਐਮਕੇ ਨਾਗਪਾਲ ਦੀ ਅਦਾਲਤ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਿਸੋਦੀਆ ਸਮੇਤ 14 ਹੋਰ ਮੁਲਜ਼ਮਾਂ ਨੂੰ ਕੇਂਦਰੀ ਜਾਂਚ ਏਜੰਸੀ ਸੀਬੀਆਈ ਦੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ।ਆਮ ਆਦਮੀ ਪਾਰਟੀ ਦੇ ਨੇਤਾ ਸਿਸੋਦੀਆ ਦੀ ਹਿਰਾਸਤ ਲਈ ਸੀਬੀਆਈ ਦੀ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਮੁਲਜ਼ਮ ਨੂੰ 04 ਮਾਰਚ ਨੂੰ ਦੁਪਹਿਰ 2 ਵਜੇ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਵੱਖ-ਵੱਖ ਦਲੀਲਾਂ ਦਿੰਦਿਆਂ ਸੀਬੀਆਈ ਵੱਲੋਂ ਪੇਸ਼ ਹੋਏ ਵਿਸ਼ੇਸ਼ ਸਰਕਾਰੀ ਵਕੀਲ ਪੰਕਜ ਗੁਪਤਾ ਨੇ ਪੁੱਛ-ਪੜਤਾਲ ਦੀ ਲੋੜ ਦੱਸਦਿਆਂ ਅਦਾਲਤ ਨੂੰ ਸਿਸੋਦੀਆ ਦੀ ਪੰਜ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ।