ਸੈਕੰਡਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਹੋਵੇਗੀ ਤੇਜ਼
ਹੁਸ਼ਿਆਰਪੁਰ, 8 ਮਾਰਚ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਵਿੱਦਿਅਕ ਸ਼ੈਸ਼ਨ 2023-24 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਅੱਜ ਹੁਸ਼ਿਆਰਪੁਰ ਵਿਖੇ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਦੀ ਅਗਵਾਈ ਹੇਠ ਤਹਿਸੀਲ ਹੁਸ਼ਿਆਰਪੁਰ ਵਿੱਚ ਆਉਂਦੇ ਸੈਕੰਡਰੀ ਅਤੇ ਐਲੀਮੈਂਟਰੀ ਸਕੂਲਾਂ ਦੇ ਮੁਖੀਆਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਲਾਕ ਨੋਡਲ ਅਫ਼ਸਰ, ਪ੍ਰਿੰਸੀਪਲ, ਮੁੱਖ ਅਧਿਆਪਕ, ਸਕੂਲ ਇੰਚਾਰਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਹਾਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ, ਹੈੱਡ ਟੀਚਰ, ਸਕੂਲ ਮੁਖੀ ਸ਼ਾਮਿਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਨੇ ਕਿਹਾ ਕਿ ਜਿਲ੍ਹੇ ਭਰ ਵਿੱਚ ਦਾਖ਼ਲਾ ਮੁਹਿੰਮ ਨੂੰ ਪੂਰੇ ਜੋਸ਼ੋ ਖਰੋਸ਼ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸੁਧਾਰਾਂ ਦੇ ਨਾਲ਼ ਨਾਲ਼ ਬੇਹੱਦ ਆਧੁਨਿਕ ਲੀਹਾਂ ਤੇ ਵਿਕਸਿਤ ਕੀਤਾ ਗਿਆ ਹੈ। ਇਸ ਲਈ ਸਕੂਲ ਮੁਖੀ ਅਤੇ ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਲੋਕ ਲਹਿਰ ਸਿਰਜਣ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜਿਲ੍ਹੇ ਵਿੱਚ ਪੰਜ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ ਆਨਲਾਈਨ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ। ਇਸ ਮੰਤਵ ਲਈ ਵੱਧ ਤੋਂ ਵੱਧ ਮਾਪਿਆਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖ਼ਲਾ ਪ੍ਰਕਿਰਿਆ ਨੂੰ ਬੇਹੱਦ ਆਸਾਨ ਬਣਾਉਣ ਦੇ ਮੰਤਵ ਨਾਲ ਵਿਸ਼ੇਸ਼ ਹੈਲਪਲਾਈਨ ਨੰਬਰ 18001802139 ਜਾਰੀ ਕੀਤਾ ਗਿਆ ਜਿਸ ਤੇ ਡਾਇਲ ਕਰਕੇ ਮਾਪੇ ਆਪਣੇ ਬੱਚਿਆਂ ਨੂੰ ਆਪਣੇ ਨੇੜਲੇ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਹਰ ਪੱਖੋਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਰਾਜ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਸਕੂਲਾਂ ਵਿੱਚ ਆਦਰਸ਼ ਵਿੱਦਿਅਕ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਸਟਾਫ਼ ਦੀ ਵੱਡੇ ਪੱਧਰ ਤੇ ਨਵੀਂ ਭਰਤੀ ਕੀਤੀ ਗਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕੀਤਾ ਗਿਆ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਦਾਖ਼ਲਾ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਬਾਕਾਇਦਾ ਪ੍ਰਭਾਵਸ਼ਾਲੀ ਵਿਉਂਤਬੰਦੀ ਨਾਲ ਕਾਰਜ ਕੀਤਾ ਜਾਵੇ।
ਇਸ ਮੌਕੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਤੇ ਸਹਾਇਕ ਟੀਮ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜਰ ਸਨ।