ਹੁਸ਼ਿਆਰਪੁਰ, 11 ਮਾਰਚ , ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਹੁਸ਼ਿਆਰਪੁਰ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 5397 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਹੁਸ਼ਿਆਰਪੁਰ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ.ਹਰਭਗਵੰਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 5484 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 5397 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਸ਼੍ਰੀ ਧੀਰਜ ਵਸ਼ਿਸ਼ਟ ਅਤੇ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 21 ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਇਸ ਮੌਕੇ ਸ਼੍ਰੀ ਸਤੀਸ਼ ਸ਼ਰਮਾ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਨੇ ਅਲੱਗ ਦਾਖਲਾ ਬੂਥਾਂ ਤੇ ਜਾ ਕੇ ਅਧਿਆਪਕਾਂ ਦਾ ਸਹਿਯੋਗ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।