ਨਵੀਂ ਦਿੱਲੀ,12 ਮਾਰਚ,ਦੇਸ਼ ਕਲਿਕ ਬਿਊਰੋ:
ਮੁੰਬਈ ਪੁਲਸ ਨੇ ਏਅਰ ਇੰਡੀਆ ਦੀ ਫਲਾਈਟ 'ਚ ਸਿਗਰਟ ਪੀ ਕੇ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲੇ ਯਾਤਰੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।ਮੁਲਜ਼ਮ ਦਾ ਨਾਂ ਰਮਾਕਾਂਤ ਹੈ ਅਤੇ ਉਹ ਭਾਰਤੀ ਮੂਲ ਦਾ ਅਮਰੀਕੀ ਨਾਗਰਿਕ ਹੈ। ਦੋਸ਼ ਹੈ ਕਿ 11 ਮਾਰਚ ਨੂੰ ਰਮਾਕਾਂਤ ਨੇ ਏਅਰ ਇੰਡੀਆ ਦੀ ਲੰਡਨ-ਮੁੰਬਈ ਫਲਾਈਟ ਦੇ ਬਾਥਰੂਮ ਵਿੱਚ ਸਿਗਰਟ ਪੀਤੀ ਸੀ। ਇਸ ਤੋਂ ਬਾਅਦ ਉਸ ਨੇ ਹੋਰ ਯਾਤਰੀਆਂ ਨਾਲ ਵੀ ਦੁਰਵਿਵਹਾਰ ਕੀਤਾ। ਮੁਲਜ਼ਮ ਨੇ ਫਲਾਈਟ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਵੀ ਕੀਤੀ।ਜਦੋਂ ਚਾਲਕ ਦਲ ਦੇ ਮੈਂਬਰਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਵੀ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਚਾਲਕ ਦਲ ਦੇ ਮੈਂਬਰਾਂ ਨੂੰ ਦੱਸਿਆ ਕਿ ਉਸ ਦੇ ਬੈਗ ਵਿਚ ਕੁਝ ਦਵਾਈਆਂ ਹਨ। ਹਾਲਾਂਕਿ ਪੁਲਸ ਜਾਂਚ 'ਚ ਅਜਿਹਾ ਕੁਝ ਨਹੀਂ ਮਿਲਿਆ। ਮੁੰਬਈ ਪੁਲਸ ਨੇ ਦੱਸਿਆ ਕਿ ਮੁਲਜ਼ਮ ਦੇ ਸੈਂਪਲ ਟੈਸਟ ਲਈ ਲੈਬ 'ਚ ਭੇਜ ਦਿੱਤੇ ਗਏ ਹਨ। ਇਸ ਤੋਂ ਪਤਾ ਲੱਗੇਗਾ ਕਿ ਉਹ ਨਸ਼ੇ ਦੀ ਹਾਲਤ ਵਿਚ ਸੀ ਜਾਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।