ਨਵੀਂ ਦਿੱਲੀ, 13 ਮਾਰਚ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਦਾ ਦੂਜਾ ਪੜਾਅ 6 ਅਪ੍ਰੈਲ ਤੱਕ ਚੱਲੇਗਾ ਅਤੇ ਇਸ ਦੌਰਾਨ 17 ਬੈਠਕਾਂ ਹੋਣਗੀਆਂ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਦੇ ਨਾਲ ਹੀ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਅੱਜ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਹੈ।ਇਸ ਸੈਸ਼ਨ ਵਿੱਚ ਸਰਕਾਰ ਦੀ ਪਹਿਲ ਵਿੱਤ ਬਿੱਲ ਨੂੰ ਪਾਸ ਕਰਵਾਉਣ ਦੀ ਹੋਵੇਗੀ। ਵਿਰੋਧੀ ਧਿਰ ਭਾਜਪਾ ਦੇ ਸਿਆਸੀ ਵਿਰੋਧੀਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਕਾਰਵਾਈ ਦਾ ਮੁੱਦਾ ਚੁੱਕ ਕੇ ਸਰਕਾਰ ਨੂੰ ਘੇਰਨ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵਿਦੇਸ਼ੀ ਧਰਤੀ 'ਤੇ ਦੇਸ਼ ਅਤੇ ਸਰਕਾਰ ਦੀ ਆਲੋਚਨਾ ਵੀ ਸਦਨ ਦੀ ਕਾਰਵਾਈ 'ਚ ਰੁਕਾਵਟ ਬਣ ਸਕਦੀ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਦੇ ਪਹਿਲੇ ਪੜਾਅ 'ਚ ਅਡਾਨੀ ਕਾਂਡ 'ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਕਾਫ਼ੀ ਬਹਿਸ ਹੋਈ ਸੀ।ਦੂਜਾ ਪੜਾਅ ਅਜਿਹੇ ਸਮੇਂ ਸ਼ੁਰੂ ਹੋ ਰਿਹਾ ਹੈ ਜਦੋਂ ਕਈ ਮੁੱਦਿਆਂ 'ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਪਹਿਲਾਂ ਹੀ ਤਕਰਾਰ ਚੱਲ ਰਿਹਾ ਹੈ।