ਨਵੀਂ ਦਿੱਲੀ,13 ਮਾਰਚ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸਾਰੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਹੁਣ ਦਿੱਲੀ ਦੇ ਵਿਧਾਇਕ ਨੂੰ 90,000 ਹਜ਼ਾਰ ਤੱਕ ਤਨਖਾਹ ਮਿਲੇਗੀ। ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 54,000 ਰੁਪਏ ਸੀ।ਤਨਖਾਹ ਵਾਧੇ ਦੇ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ, ਨਿਆਂ ਅਤੇ ਵਿਧਾਨਿਕ ਮਾਮਲੇ ਵਿਭਾਗ ਨੇ ਤਨਖਾਹ ਵਾਧੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਤਨਖ਼ਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦਕਿ ਪਹਿਲਾਂ 72 ਹਜ਼ਾਰ ਰੁਪਏ ਮਿਲਦੇ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਤਨਖਾਹ ਵਾਧੇ ਦਾ ਪ੍ਰਸਤਾਵ 4 ਜੁਲਾਈ 2022 ਨੂੰ ਦਿੱਲੀ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ।