ਬਿਜਲੀ ਮੰਤਰੀ ਵੱਲੋਂ ਪੈਨਲ ਮੀਟਿੰਗ ‘ਚ ਮੰਨੀਆਂ ਮੰਗਾਂ ਨੂੰ ਲਾਗੂ ਕਰੇ ਮੈਨੇਜਮੈਂਟ: ਅਨਿਲ ਪੁਦਾਰ
ਭੂਚੋ ਮੰਡੀ: 14 ਮਾਰਚ, ਦੇਸ਼ ਕਲਿੱਕ ਬਿਓਰੋ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਟਚੁਅਲ ਵਰਕਰ ਯੂਨੀਅਨ ਪੰਜਾਬ (ਸ/ਡ ਭੂਚੋ ਮੰਡੀ) ਦੀ ਮੀਟਿੰਗ ਪ੍ਰਧਾਨ ਸੰਦੀਪ ਕੁਮਾਰ ਤੇ ਜਰਨਲ ਸਕੱਤਰ ਅਨਿਲ ਪੁਦਾਰ ਦੀ ਅਗਵਾਈ ਵਿੱਚ ਕੀਤੀ ਗਈ ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪਿਛਲੇ ਦਿਨੀਂ ਬਿਜਲੀ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ 28 ਮਾਰਚ ਨੂੰ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਆਗੂਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਦੋਂ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਸਟੋਰਾਂ, ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਪਾਵਰਕਾਮ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ,ਉਕਤ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਰੈਗੂਲਰ ਭਰਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਇਸ ਹਾਲਤ ਵਿੱਚ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਬਾਹਰੋਂ ਸਿੱਧੀ ਨਵੀਂ ਪੱਕੀ ਭਰਤੀ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਜੋਂ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.ਨਾਲ਼ ਪਾਵਰਕਾਮ ਦੇ ਉੱਚ ਅਧਿਕਾਰੀਆਂ ਸਮੇਤ ਹੋਈ ਪੈਨਲ ਮੀਟਿੰਗ ਵਿੱਚ ਇੱਕ ਹਜ਼ਾਰ ਰੁਪਏ ਤਨਖਾਹ ਵਾਧੇ,ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੇ ਥਰਮਲ ਅਲਾਊਂਸ ਵਿੱਚ ਪੰਜ ਸੌ ਰੁਪਏ ਦਾ ਵਾਧਾ ਕਰਨ,ਬਿਨਾਂ ਕਿਸੇ ਕਿਰਾਏ ਦੇ ਲੋੜਵੰਦ ਠੇਕਾ ਮੁਲਾਜ਼ਮਾਂ ਨੂੰ ਕੁਵਾਟਰ ਦੇਣ, ਭਗਤਾ ਭਾਈ ਕਾ ਸਟੋਰ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੇ ਮੁੜ ਬਹਾਲ ਕਰਨ, ਫ਼ੀਲਡ ਦੇ ਰਹਿੰਦੇ ਠੇਕਾ ਮੁਲਾਜ਼ਮਾਂ ਨੂੰ ਪੈਟਰੋਲ ਭੱਤਾ ਦੇਣ, ਡਿਉਟੀ ਦੌਰਾਨ ਕਰੰਟ ਨਾਲ਼ ਮੌਤ ਦੇ ਮੂੰਹ ਪਏ ਠੇਕਾ ਮੁਲਾਜ਼ਮਾਂ ਨੂੰ ਪੰਜ ਲੱਖ ਐਕਸਗਰੇਸੀਆ ਗ੍ਰਾਂਟ ਦੇਣ ਅਤੇ ਡਿਉਟੀ ਆਉਣ-ਜਾਣ ਸਮੇਂ ਮੌਤ ਹੋਣ ਤੇ ਡੇਢ ਲੱਖ ਰੁਪਏ ਮੁਆਵਜ਼ਾ ਦੇਣ, ਪੈਸਕੋ ਕੰਪਨੀ ਵੱਲੋੰ ਜਾਰੀ ਕੀਤੇ ਅਪਰੂਵਲ ਪੱਤਰ ਨੂੰ ਰੱਦ ਕਰਨ ਆਦਿ ਮੰਗਾਂ ਨੂੰ ਦੀ ਸਹਿਮਤੀ ਬਣੀ ਸੀ ਪਰ ਮਨੇਜਮੈੰਟ ਨੇ ਇਹਨਾਂ ਮੰਗਾਂ ਨੂੰ ਲਾਗੂ ਕਰਨ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਥੋਂ ਤਕ ਕਿ ਜੋ ਮੀਟਿੰਗ ਦੇ ਮਿੰਨਟਸ ਹਨ ਉਹਨਾ ਨੂੰ ਵੀ ਤਰੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਜੋ ਕਿ ਤਾਲਮੇਲ ਕਮੇਟੀ ਨੂੰ ਮਨਜੂਰ ਨਹੀਂ ਹਨ ਅਤੇ ਆਉਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੀ ਗੱਲ ਨੂੰ ਸਬ-ਕਮੇਟੀ ਦੇ ਖਾਤੇ ਵਿੱਚ ਪਾਕੇ ਮਨੇਜਮੈੰਟ ਆਪ ਬਰੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ,ਇਸ ਦੇ ਵਿਰੋਧ 28 ਮਾਰਚ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।