ਨਵੀਂ ਦਿੱਲੀ, 18 ਮਾਰਚ, ਦੇਸ਼ ਕਲਿਕ ਬਿਊਰੋ :
ਕੇਜਰੀਵਾਲ ਸਰਕਾਰ ਅੱਜ ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦੁਪਹਿਰ 12 ਵਜੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਕਰੇਗੀ। ਜਿਸ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ। ਇਸ ਮੀਟਿੰਗ ਵਿੱਚ H3N2 ਦੇ ਕੇਸਾਂ ਨਾਲ ਨਜਿੱਠਣ ਅਤੇ ਇਸ ਨੂੰ ਕਾਬੂ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।ਦੱਸ ਦੇਈਏ ਕਿ ਵੀਰਵਾਰ ਨੂੰ ਜਦੋਂ ਸੀਐਮ ਕੇਜਰੀਵਾਲ ਨੂੰ ਦਿੱਲੀ ਦੇ ਭਲਸਵਾ ਲੈਂਡਫਿਲ ਸਾਈਟ 'ਤੇ ਇਸ ਵਾਇਰਸ ਦੇ ਫੈਲਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਡੀਡੀਐਮਏ ਦੀ ਮੀਟਿੰਗ ਵਿੱਚ ਇਸ ਬਾਰੇ ਵਿਸਥਾਰ ਵਿੱਚ ਚਰਚਾ ਕਰਨਗੇ। ਜਾਣਕਾਰੀ ਮੁਤਾਬਕ ਪਹਿਲਾਂ ਇਹ ਮੀਟਿੰਗ ਵੀਰਵਾਰ ਨੂੰ ਹੋਣੀ ਸੀ ਪਰ ਇਸ ਨੂੰ ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।