ਨਵੀਂ ਦਿੱਲੀ, 24 ਮਾਰਚ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ 14 ਸਿਆਸੀ ਪਾਰਟੀਆਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਨੇ ਇਸ ਪਟੀਸ਼ਨ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਮਿੱਤੀ 5 ਅਪ੍ਰੈਲ ਤੈਅ ਕੀਤੀ ਹੈ। ਹਾਲ ਹੀ 'ਚ ਕਰੀਬ 8 ਪਾਰਟੀਆਂ ਦੇ 9 ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸੰਬੰਧੀ ਪੱਤਰ ਵੀ ਦਿੱਤਾ ਸੀ।ਕਾਂਗਰਸ, ਆਮ ਆਦਮੀ ਪਾਰਟੀ, ਜਨਤਾ ਦਲ ਯੂਨਾਈਟਿਡ, ਭਾਰਤ ਰਾਸ਼ਟਰ ਸਮਿਤੀ, ਰਾਸ਼ਟਰੀ ਜਨਤਾ ਦਲ, ਸਮਾਜਵਾਦੀ ਪਾਰਟੀ, ਨੈਸ਼ਨਲ ਕਾਨਫਰੰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਡੀਐਮਕੇ ਅਤੇ ਸ਼ਿਵ ਸੈਨਾ ਆਦਿ ਪਾਰਟੀਆਂ ਦੇ ਨਾਂ ਵੀ ਉਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।ਇਨ੍ਹਾਂ ਧਿਰਾਂ ਨੇ ਈਡੀ ਅਤੇ ਸੀਬੀਆਂਈ ਆਦਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ।ਨਾਲ ਹੀ ਕੇਸਾਂ ਵਿੱਚ ਗ੍ਰਿਫ਼ਤਾਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਚੀਫ਼ ਜਸਟਿਸ ਨੇ ਸਿਆਸੀ ਪਾਰਟੀਆਂ ਦੇ ਮਾਮਲੇ ਦੀ ਸੁਣਵਾਈ ਲਈ 5 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ।