ਮੋਰਿੰਡਾ 30 ਮਾਰਚ (ਭਟੋਆ)
ਸਰਪੰਚ ਯੂਨੀਅਨ ਦੇ ਇੱਕ ਵਫਦ ਵੱਲੋਂ ਪ੍ਧਾਨ ਸੁਖਪ੍ਰੀਤ ਸਿੰਘ ਸਰਪੰਚ ਪਿੰਡ ਗੜਾਂਗਾ ਦੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ਸਰਪੰਚ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਸਰਪੰਚਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾ ਕੇ ਲੋਕਾਂ ਵਿੱਚ ਗਲਤ ਸੰਦੇਸ਼ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਚਾਇਤਾਂ ਦਾ ਆਡਿਟ ਕਰਵਾਇਆ ਹੈ , ਇਸ ਲਈ ਸਰਪੰਚਾਂ ਦੀ ਵਾਰ-ਵਾਰ ਚੈਕਿੰਗ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਡਰਦੇ ਨਹੀਂ ਪਰੰਤੂ ਜਦੋਂ ਬਿਨਾਂ ਕਿਸੇ ਠੋਸ ਸਬੂਤਾਂ ਤੋਂ ਸਰਪੰਚਾਂ ਦੀ ਵਾਰ-ਵਾਰ ਜਾਂਚ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦਾ ਅਕਸ ਖਰਾਬ ਹੁੰਦਾ ਹੈ। ਇਸ ਮੌਕੇ 'ਆਪ' ਆਗੂ ਮਾਲਵਿੰਦਰ ਸਿੰਘ ਕੰਗ ਨੇ ਸਰਪੰਚ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਸਰਪੰਚ 'ਤੇ ਕੋਈ ਦਬਾਅ ਨਹੀਂ ਪਾਇਆ ਜਾਵੇਗਾ। ਇਸ ਮੌਕੇ ਇਕਬਾਲ ਸਿੰਘ, ਅਮਰਜੀਤ ਸਿੰਘ ਸਰਪੰਚ ਰੁੜਕੀ, ਜੀਵਨ ਰਾਮ ਬੀਬੀਪੁਰ ਅਤੇ ਹੋਰ ਯੂਨੀਅਨ ਆਗੂ ਹਾਜ਼ਰ ਸਨ।