ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ 3 ਅਪ੍ਰੈਲ ਨੂੰ ਸੂਰਤ ਜਾ ਸਕਦੇ ਹਨ। ਇੱਥੇ ਉਹ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਖ਼ਿਲਾਫ਼ ਸੂਰਤ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਸਕਦੇ ਹਨ। ਹਾਲ ਹੀ ਵਿੱਚ ਰਾਹੁਲ ਨੂੰ ਸੀਜੇਐਮ ਅਦਾਲਤ ਨੇ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਨੂੰ ਇਸ ਸਜ਼ਾ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਲਈ ਇੱਕ ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤਿਆਰ ਕਰ ਲਈ ਗਈ ਹੈ। ਰਾਹੁਲ ਸੋਮਵਾਰ ਨੂੰ ਸੂਰਤ ਪਹੁੰਚ ਕੇ ਅਦਾਲਤ 'ਚ ਇਸ ਨੂੰ ਦਾਇਰ ਕਰ ਸਕਦੇ ਹਨ।ਦਰਅਸਲ, ਰਾਹੁਲ ਗਾਂਧੀ 'ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 'ਮੋਦੀ ਸਰਨੇਮ' 'ਤੇ ਵਿਵਾਦਿਤ ਟਿੱਪਣੀ ਕਰਨ ਦਾ ਦੋਸ਼ ਸੀ। ਇਸ ਮਾਮਲੇ 'ਚ ਗੁਜਰਾਤ ਦੇ ਬੀਜੇਪੀ ਵਿਧਾਇਕ ਅਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ 'ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਜਿਸ 'ਤੇ ਸੁਣਵਾਈ ਕਰਦਿਆਂ ਬੀਤੇ ਦਿਨ ਸੂਰਤ ਦੀ ਇਕ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ। ਰਾਹੁਲ ਗਾਂਧੀ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਿਯਮ ਮੁਤਾਬਕ ਜੇਕਰ ਕਿਸੇ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ।