ਮੋਰਿੰਡਾ, 3 ਅਪ੍ਰੈਲ ( ਭਟੋਆ)
ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੀ ਸ਼ਾਖਾ ਕਜੌਲੀ ਵਲੋਂ ਕੱਲ੍ਹ ਪ੍ਰਧਾਨ ਦਲਬੀਰ ਸਿੰਘ ਕਜੌਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਬਲਜਿੰਦਰ ਸਿੰਘ ਖੰਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਪਾਵਰਕਾਮ, ਜੰਗਲਾਤ ਅਤੇ ਜਲ ਸਪਲਾਈ ਸੈਨੀਟੇਸ਼ਨ ਆਦਿ ਵਿਭਾਗਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਰੈਗੂਲਰ ਕਰਵਾਉਣ, ਬਰਾਬਰ ਕੰਮ-ਬਰਾਬਰ ਤਨਖਾਹ ਤੇ ਹੋਰ ਮੰਗਾਂ ਸਬੰਧੀ ਅੱਜ ਐੱਸ.ਡੀ.ਐੱਮ. ਮੋਰਿੰਡਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 29 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਕੱਚੇ ਮੁਲਾਜ਼ਮ ਵਧ-ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਕੁਮਾਰ, ਰਾਜਦੀਪ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।