ਵਿਸਾਖੀ ਤੱਕ ਮੁਆਵਜੇ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ: ਕੰਗ
ਮੋਰਿੰਡਾ 03 ਅਪ੍ਰੈਲ ( ਭਟੋਆ )
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਬੇਮੌਸਮੀ ਬਾਰਸ਼ ਕਾਰਨ ਕਣਕ ਦੇ ਖਰਾਬੇ ਸਬੰਧੀ ਤੁਰੰਤ ਗਿਰਦਾਵਰੀਆਂ ਕਰਨ ਦਾ ਹੁਕਮ ਦਿੱਤਾ ਹੈ ਤਾਂ ਜੋ ਆਉਣ ਵਾਲੀ ਵਿਸਾਖੀ ਤੱਕ ਮੁਆਵਜ਼ੇ ਦੇ ਪੈਸੇ ਕਿਸਾਨਾਂ ਦੇ ਖਾਤੇ ਵਿੱਚ ਪਾਏ ਜਾ ਸਕਣ ।
ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਮਾਲਵਿੰਦਰ ਸਿੰਘ ਕੰਗ ਨੇ ਨਜ਼ਦੀਕੀ ਪਿੰਡ ਕਕਰਾਲੀ ਵਿਖੇ ਬੇਮੌਸਮੀ ਮੀਂਹ ਕਾਰਣ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਵਿਧਾਇਕਾਂ ਅਤੇ ਆਗੂਆਂ ਨੂੰ ਪਿੰਡ-ਪਿੰਡ ਜਾ ਕੇ ਗਿਰਦਾਵਰੀ ਦਾ ਕੰਮ ਜਲਦੀ ਨੇਪਰੇ ਚਾੜਨ ਦੀ ਹਦਾਇਤ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਕੇ ਬਿਪਤਾ ਦੀ ਘੜੀ ਵਿੱਚ ਉਨ੍ਹਾਂ ਦੀ ਬਾਂਹ ਫ਼ੜੀ ਜਾ ਸਕੇ। ਮੁਆਵਜੇ ਦੀ ਰਕਮ ਸਬੰਧੀ ਪੁੱਛੇ ਸਵਾਲ ਦੇ ਜਵਾਬ ਬਾਰੇ ਸ੍ਰੀ ਕੰਗ ਨੇ ਦੱਸਿਆ ਕਿ ਮੁਆਵਜ਼ਾ ਰਾਸ਼ੀ ਪਿਛਲੇ ਸੀਜਨ ਤੋਂ 30% ਵੱਧ ਦੇਣ ਬਾਰੇ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਠੇਕੇ ਤੇ ਜਮੀਨ ਲੈਕੇ ਖੇਤੀ ਕਰਨ ਵਾਲੇ ਦੇ ਖਾਤੇ ਵਿੱਚ ਹੀ ਫਸਲ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ ਨਾ ਕਿ ਪਿਛਲੀਆਂ ਸਰਕਾਰਾਂ ਵਾਂਗ ਜਮੀਨ ਮਾਲਕ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ 24 ਘੰਟਿਆਂ ਦੇ ਅੰਦਰ ਖਰੀਦੀ ਗਈ ਕਣਕ ਦਾ ਕਿਸਾਨਾਂ ਨੂੰ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਸ੍ਰੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ, ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲੋਕ ਹਿਤੂ ਫੈਸਲੇ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਪਹਿਲੇ ਸਾਲ ਵਿੱਚ ਹੀ ਸ੍ਰੀ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਨੱਕੀਆਂ ਦੇ ਟੋਲ ਪਲਾਜੇ ਸਮੇਤ ਪੰਜਾਬ ਭਰ ਵਿੱਚ 10 ਟੋਲ ਪਲਾਜੇ ਬੰਦ ਕੀਤੇ ਜਾ ਚੁੱਕੇ ਹਨ, ਜਿਹੜੇ ਕਿ ਇਹ ਟੋਲ ਪਲਾਜੇ 5 ਸਾਲ ਪਹਿਲਾਂ ਬੰਦ ਕੀਤੇ ਜਾਣੇ ਸਨ ਪਰੰਤੂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਆਪਣੇ ਨਿੱਜੀ ਅਤੇ ਸਿਆਸੀ ਹਿਤਾਂ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ . ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਆਪ ਆਗੂ ਨੇ ਕਿਹਾ ਕਿ ਆਪ
ਸਰਕਾਰ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰੇਗੀ । ਇਸ ਮੌਕੇ ਤੇ ਉਨ੍ਹਾਂ ਨਾਲ ਪਿੰਡ ਵਾਸੀ ਵੀ ਹਾਜਰ ਸਨ।