ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਦਮਾਂ ਦੀ ਆਲੋਚਨਾ ਰਾਸ਼ਟਰ ਵਿਰੋਧੀ ਨਹੀਂ
ਨਵੀਂ ਦਿੱਲੀ,5 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਮਲਿਆਲਮ ਨਿਊਜ਼ ਚੈਨਲ 'ਤੇ ਕੇਂਦਰ ਸਰਕਾਰ ਵੱਲੋਂ ਲਗਾਈ ਪਾਬੰਦੀ ਹਟਾ ਦਿੱਤੀ ਹੈ। ਕੇਂਦਰ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਮੀਡੀਆ ਵਨ ਨਿਊਜ਼ ਚੈਨਲ ਦੇ ਪ੍ਰਸਾਰਣ 'ਤੇ ਰੋਕ ਲਗਾ ਦਿੱਤੀ ਸੀ। ਇਸ ਫੈਸਲੇ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਦਮਾਂ ਦੀ ਆਲੋਚਨਾ ਨੂੰ ਰਾਸ਼ਟਰ ਵਿਰੋਧੀ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਲਾਪਰਵਾਹ ਤਰੀਕੇ ਨਾਲ ਉਠਾਇਆ ਗਿਆ ਹੈ। ਕੇਂਦਰ ਨਿਊਜ ਚੈਨਲ ‘ਤੇ ਬੈੱਨ ਲਗਾਉਣ ਦੇ ਫੈਸਲੇ ਨੂੰ ਜਾਇਜ਼ ਠਹਿਰਾਉਣ ਲਈ ਕੋਈ ਵੀ ਤੱਥ ਜਾਂ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਿਹਾ ਹੈ।ਸੁਪਰੀਮ ਕੋਰਟ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਚਾਰ ਹਫ਼ਤਿਆਂ ਦੇ ਅੰਦਰ ਚੈਨਲ ਨੂੰ ਨਵਿਆਉਣ ਦਾ ਲਾਇਸੈਂਸ ਜਾਰੀ ਕਰਨ ਲਈ ਕਿਹਾ ਹੈ। ਸਿਖਰਲੀ ਅਦਾਲਤ ਨੇ ਅੰਤ੍ਰਿਮ ਆਦੇਸ਼ ਤੱਕ ਨਵੀਨੀਕਰਨ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ। ਇਸ ਦੌਰਾਨ ਅਦਾਲਤ ਨੇ ਪ੍ਰੈੱਸ ਦੀ ਆਜ਼ਾਦੀ 'ਤੇ ਵੱਡੀ ਟਿੱਪਣੀ ਕੀਤੀ ਹੈ।ਕਿਹਾ ਕਿ ਸਮਾਜ ਦੇ ਕੰਮਕਾਜ ਲਈ ਆਜ਼ਾਦ ਪ੍ਰੈਸ ਬਹੁਤ ਜ਼ਰੂਰੀ ਹੈ।