ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਅੱਜ ਵੀਰਵਾਰ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤੀ। ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਜੈਨ ਨੇ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ 22 ਮਾਰਚ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਵਿੱਚ ਜ਼ਮਾਨਤ ਦਾ ਵਿਰੋਧ ਕੀਤਾ।ਈਡੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਜੈਨ ਪ੍ਰਭਾਵਸ਼ਾਲੀ ਹੈ, ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।ਜਿਕਰਯੋਗ ਹੈ ਕਿ ਜੈਨ ਨੂੰ ਪਿਛਲੇ ਸਾਲ 30 ਮਈ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਉਸ 'ਤੇ ਦੋਸ਼ ਹਨ ਕਿ ਉਸ ਨੇ ਸ਼ੈਲ ਕੰਪਨੀਆਂ ਬਣਾਈਆਂ ਅਤੇ ਉਨ੍ਹਾਂ ਰਾਹੀਂ 16 ਕਰੋੜ ਰੁਪਏ ਤੋਂ ਵੱਧ ਦਾ ਟਰਾਂਸਫਰ ਕੀਤਾ। ਇਸ ਮਾਮਲੇ ਵਿੱਚ ਉਸ ਦੀ ਪਤਨੀ ਅਤੇ ਹੋਰ ਵੀ ਮੁਲਜ਼ਮ ਹਨ।