ਮੋਰਿੰਡਾ 18 ਅਪ੍ਰੈਲ ( ਭਟੋਆ )
ਰਿਆਤ ਬਾਹਰਾ ਯੂਨੀਵਰਸਿਟੀ ਅਤੇ ਕੋਰਡੀਆ ਗਰੁੱਪ ਆਫ਼ ਇੰਸਟੀਚਿਊਟਸ ਪਿੰਡ ਸੰਘੋਲ ਵੱਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਰਿਆਤ ਬਾਹਰਾ ਯੂਨੀਵਰਸਿਟੀ ਦੇ ਕੋਰਡੀਆ ਕੈਂਪਸ ਵਿਖੇ ਲਗਾਏ ਗਏ ਮੁਫ਼ਤ ਸਵੈ-ਰੁਜ਼ਗਾਰ ਕੈਂਪ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਵੈ-ਰੁਜ਼ਗਾਰ ਸਕੀਮਾਂ ਦਾ ਲਾਭ ਲੈਣ ਲਈ ਵੱਡੀ ਗਿਣਤੀ ਵਿੱਚ ਪੁੱਜੇ ਇਲਾਕੇ ਦੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਕੈਂਪ ਦਾ ਉਦਘਾਟਨ ਜਿਲਾ ਪਲਾਨਨਿੰਗ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਕੋਰਡੀਆ ਗਰੁੱਪ ਦੇ ਚੇਅਰਮੈਨ ਦਲਜੀਤ ਸਿੰਘ ਰਾਣਾ , ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ,ਮੈਡਮ ਉਰਮਿਲ ਵਰਮਾ ਆਦਿ ਮੌਜੂਦ ਸਨ ।
ਇਸੇ ਦੌਰਾਨ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਵੱਲੋਂ ਵੀ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ,ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਮਾਹਿਰ ਡਾਕਟਰਾਂ ਨਾਲ ਮੁਫਤ ਸਲਾਹ ਮਸ਼ਵਰਾ ਕਰਨ ਲਈ ਸ਼ਿਰਕਤ ਕੀਤੀ। ਇਸ ਮੌਕੇ ਪੈਥੋਲੋਜੀਕਲ ਟੈਸਟ ਵੀ ਮੁਫਤ ਕੀਤੇ ਗਏ।
ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਡੇਅਰੀ ਵਿਕਾਸ, ਮੱਛੀ ਪਾਲਣ, ਐਸਸੀ/ਬੀਸੀ ਕਾਰਪੋਰੇਸ਼ਨ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਵੱਖ-ਵੱਖ ਉੱਦਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਨ ਲਈ ਲੋਨ ਲਈ ਅਰਜ਼ੀਆਂ ਭਰਨ ਵਿੱਚ ਵੀ ਮਦਦ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਰਤਾ ਜੌਹਲ ਨੇ ਰਿਆਤ ਬਾਹਰਾ ਯੂਨੀਵਰਸਿਟੀ ਅਤੇ ਕੋਰਡੀਆ ਗਰੁੱਪ ਆਫ਼ ਇੰਸਟੀਚਿਊਟਸ ਸੰਘੋਲ ਮ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਿਸ ਤੋਂ ਉਨ੍ਹਾਂ ਨੂੰ ਉਮੀਦ ਹੈ ਕਿ ਨੌਜਵਾਨਾਂ ਨੂੰ ਆਪਣਾ ਉੱਦਮ ਸਥਾਪਿਤ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰੁਪਿੰਦਰ ਕੌਰ ਨੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।
ਰਿਆਤ ਬਾਹਰਾ ਯੂਨੀਵਰਸਿਟੀ- ਕੋਰਡੀਆ ਕੈਂਪਸ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਵੱਖ-ਵੱਖ ਕੋਰਸਾਂ ਰਾਹੀਂ ਸਿੱਖਿਆ ਪ੍ਰਦਾਨ ਕਰ ਰਹੀ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ ਗਈ ਅਤੇ ਅੱਜ ਲਗਾਇਆ ਗਿਆ ਇਹ ਕੈਂਪ ਇਸੇ ਦਿਸ਼ਾ ਵਿੱਚ ਇਕ ਕਦਮ ਸੀ।
ਸ. ਬਾਹਰਾ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਕੋਰਡੀਆ ਕੈਂਪਸ ਵੱਖ-ਵੱਖ ਸਟ੍ਰੀਮਜ਼ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਅਤੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਹਿੱਸੇ ਵਜੋਂ ਪੇਂਡੂ ਲੋਕਾਂ ਨੂੰ ਵਿਸ਼ੇਸ਼ ਡਾਕਟਰੀ ਇਲਾਜ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਸਮੇਂ-ਸਮੇਂ ’ਤੇ ਮੁਫਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ।
ਸ. ਬਾਹਰਾ ਨੇ ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਲਾਰਡ ਦਲਜੀਤ ਰਾਣਾ ਦੀ ਮੁੱਖ ਤੌਰ ’ਤੇ ਪੇਂਡੂ ਖੇਤਰ ਵਿੱਚ ਮਿਆਰੀ ਸਿੱਖਿਆ ਦੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਭੂਮਿਕਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਮੈਂਟ ਦੇ ਉੱਚ ਅਧਿਕਾਰੀ ਅਤੇ ਹੋਰ ਫੈਕਲਟੀ ਮੈਂਬਰ ਵੀ ਹਾਜਰ ਸਨ।