ਨਵੀਂ ਦਿੱਲੀ, 2 ਮਈ, ਦੇਸ਼ ਕਲਿਕ ਬਿਊਰੋ :
ਸ਼ਰਦ ਪਵਾਰ ਨੇ ਅੱਜ ਮੰਗਲਵਾਰ ਨੂੰ ਰਾਸ਼ਟਰੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਪਵਾਰ ਨੇ ਕਿਹਾ ਕਿ ਉਹ ਅਸਤੀਫਾ ਦੇਣ ਜਾ ਰਹੇ ਹਨ। ਉਨ੍ਹਾਂ ਨੇ ਅਜੇ ਤੱਕ ਅਹੁਦਾ ਛੱਡਣ ਦਾ ਕਾਰਨ ਨਹੀਂ ਦੱਸਿਆ ਹੈ। 4 ਦਿਨ ਪਹਿਲਾਂ ਵੀਰਵਾਰ ਨੂੰ ਸ਼ਰਦ ਪਵਾਰ ਨੇ ਕਿਹਾ ਸੀ ਕਿ ਰੋਟੀ ਥੱਲਣ ਦਾ ਸਮਾਂ ਆ ਗਿਆ ਹੈ।ਉਨ੍ਹਾਂ ਕਿਹਾ ਸੀ ਕਿ ਮੈਨੂੰ ਕਿਸੇ ਨੇ ਦੱਸਿਆ ਕਿ ਰੋਟੀ ਵੇਲੇ ਸਿਰ ਥੱਲਣੀ ਪੈਂਦੀ ਹੈ।ਸਮੇਂ ‘ਤੇ ਨਾ ਥੱਲੀ ਜਾਵੇ ਤਾਂ ਕੌੜੀ ਹੋ ਜਾਂਦੀ ਹੈ। ਇਸ ਬਿਆਨ 'ਤੇ ਅਜੀਤ ਪਵਾਰ ਨੇ ਕਿਹਾ ਕਿ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣਾ ਐੱਨਸੀਪੀ ਦੀ ਰਵਾਇਤ ਰਹੀ ਹੈ।ਜਿਕਰਯੋਗ ਹੈ ਕਿ 1999 ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਵੱਖ ਹੋ ਕੇ ਐਨਸੀਪੀ ਬਣਾਈ ਸੀ। ਉਦੋਂ ਤੋਂ ਉਹ ਪਾਰਟੀ ਦੇ ਪ੍ਰਧਾਨ ਹਨ। ਪਵਾਰ ਦੇ ਇਸ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਸਮਰਥਨ 'ਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਤੋਂ ਫੈਸਲਾ ਵਾਪਸ ਲੈਣ ਦੀ ਮੰਗ ਕਰ ਰਹੇ ਹਨ।