ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਅੱਜ ਅਡਾਨੀ-ਹਿੰਡਨਬਰਗ ਵਿਵਾਦ 'ਚ ਦਾਇਰ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ। ਇਸ ਮਾਮਲੇ ਵਿੱਚ ਅਦਾਲਤ ਨੇ ਛੇ ਮੈਂਬਰੀ ਕਮੇਟੀ ਬਣਾ ਕੇ ਦੋ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। 8 ਮਈ ਨੂੰ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੌਂਪ ਦਿੱਤੀ ਸੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਮੇਟੀ ਨੇ ਜਾਂਚ ਦੀ ਅੰਤਿਮ ਰਿਪੋਰਟ ਦਿੱਤੀ ਹੈ ਜਾਂ ਹੋਰ ਸਮਾਂ ਮੰਗਿਆ ਹੈ।ਦੂਜੇ ਪਾਸੇ ਅਦਾਲਤ ਨੇ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਨੂੰ ਦੋ ਮਹੀਨਿਆਂ ਵਿੱਚ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਦੀ ਜਾਂਚ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ 29 ਅਪ੍ਰੈਲ ਨੂੰ ਮਾਰਕੀਟ ਰੈਗੂਲੇਟਰੀ ਸੇਬੀ ਨੇ ਮਾਮਲੇ ਦੀ ਜਾਂਚ ਪੂਰੀ ਕਰਨ ਲਈ 6 ਮਹੀਨਿਆਂ ਦਾ ਹੋਰ ਸਮਾਂ ਮੰਗਿਆ।
ਸੇਬੀ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਮਾਮਲੇ ਦੀ ਗੁੰਝਲਦਾਰਤਾ ਨੂੰ ਦੇਖਦੇ ਹੋਏ ਜਾਂਚ ਪੂਰੀ ਹੋਣ 'ਚ ਘੱਟੋ-ਘੱਟ 15 ਮਹੀਨੇ ਦਾ ਸਮਾਂ ਲੱਗੇਗਾ ਪਰ 6 ਮਹੀਨਿਆਂ 'ਚ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਅਡਾਨੀ-ਹਿੰਡਨਬਰਗ ਵਿਵਾਦ ਮਾਮਲੇ ਵਿੱਚ 4 ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਹ ਪਟੀਸ਼ਨਾਂ ਵਕੀਲ ਐਮਐਲ ਸ਼ਰਮਾ, ਵਿਸ਼ਾਲ ਤਿਵਾੜੀ, ਕਾਂਗਰਸ ਆਗੂ ਜਯਾ ਠਾਕੁਰ ਅਤੇ ਸਮਾਜ ਸੇਵਕ ਮੁਕੇਸ਼ ਕੁਮਾਰ ਨੇ ਦਾਇਰ ਕੀਤੀਆਂ ਸਨ। ਇਸ ਮਾਮਲੇ ਦੀ ਪਹਿਲੀ ਸੁਣਵਾਈ 10 ਫਰਵਰੀ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਨੇ ਕੀਤੀ ਸੀ।